ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਗਿਣਤੀ ਦੌਰਾਨ ਹੰਗਾਮਾ
ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਗਿਣਤੀ ਦੌਰਾਨ ਹੋਇਆ ਹੰਗਾਮਾ
Publish Date: Wed, 17 Dec 2025 05:03 PM (IST)
Updated Date: Wed, 17 Dec 2025 05:06 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ) ਵਿੱਚ ਸਥਾਪਤ ਕੀਤੇ ਗਏ ਗਿਣਤੀ ਕੇਂਦਰ ’ਤੇ ਸਵੇਰ ਤੋਂ ਹੀ ਭਾਰੀ ਪੁਲਿਸ ਬੰਦੋਬਸਤ ਹੇਠ ਗਹਿਮਾ-ਗਹਿਮੀ ਦਾ ਮਾਹੌਲ ਬਣਿਆ ਰਿਹਾ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ, ਉਨ੍ਹਾਂ ਦੇ ਏਜੰਟ ਅਤੇ ਸਮਰਥਕ ਸਵੇਰੇ ਤੜਕੇ ਹੀ ਕਾਊਂਟਿੰਗ ਸੈਂਟਰ ਦੇ ਆਲੇ-ਦੁਆਲੇ ਇਕੱਠੇ ਹੋਣ ਲੱਗ ਪਏ ਸਨ, ਜਿਸ ਕਾਰਨ ਇਲਾਕੇ ਵਿੱਚ ਤਣਾਓ ਦੀ ਸਥਿਤੀ ਬਣੀ ਰਹੀ।ਹਾਲਾਤ ਉਸ ਸਮੇਂ ਬੇਹੱਦ ਤਣਾਓਪੂਰਨ ਹੋ ਗਏ ਜਦੋਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਵਰਕਰਾਂ ਅਤੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਉੱਪਰ ਗੰਭੀਰ ਦੋਸ਼ ਲਗਾਉਂਦੇ ਹੋਏ ਕਾਊਂਟਿੰਗ ਪ੍ਰਕਿਰਿਆ ’ਤੇ ਸਵਾਲ ਚੁੱਕੇ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਵੋਟਾਂ ਦੀ ਗਿਣਤੀ ਦੌਰਾਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕ੍ਰਿਤ ਏਜੰਟਾਂ ਨੂੰ ਕਾਊਂਟਿੰਗ ਸੈਂਟਰ ਅੰਦਰ ਜਾਣ ਤੋਂ ਰੋਕਿਆ ਗਿਆ, ਜਦਕਿ ਸੱਤਾਧਾਰੀ ਧਿਰ ਦੇ ਆਗੂਆਂ ਨੂੰ ਅੰਦਰ ਜਾਣ ਦੀ ਖੁੱਲ੍ਹੀ ਛੂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਵੋਟਾਂ ਦੀ ਗਿਣਤੀ ਦੌਰਾਨ ਬੈਲਟ ਪੇਪਰਾਂ ਨਾਲ ਛੇੜਛਾੜ ਕਰਕੇ ਗੜਬੜੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਨ੍ਹਾਂ ਦੋਸ਼ਾਂ ਦੇ ਵਿਰੋਧ ਵਿੱਚ ਤਿੰਨੋਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਫਿਰੋਜ਼ਪੁਰ–ਫਾਜ਼ਿਲਕਾ ਮੁੱਖ ਮਾਰਗ ’ਤੇ ਸੜਕ ਵਿਚਾਲੇ ਬੈਠ ਕੇ ਧਰਨਾ ਦੇ ਦਿੱਤਾ ਅਤੇ ਚੱਕਾ ਜਾਮ ਕਰ ਦਿੱਤਾ। ਸੜਕ ’ਤੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇ ਲਗਾਏ, ਜਿਸ ਨਾਲ ਕੁਝ ਸਮੇਂ ਲਈ ਇਲਾਕੇ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ। ਧਰਨੇ ਦੀ ਅਗਵਾਈ ਕਾਂਗਰਸ ਵੱਲੋਂ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸੀਨੀਅਰ ਆਗੂ ਰਾਜ ਬਖ਼ਸ਼ ਕੰਬੋਜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੰਬੋਜ, ਬਲਾਕ ਸੰਮਤੀ ਚੋਣ ਲੜ ਰਹੇ ਕੈਪਟਨ ਗੁਰਚਰਨ ਸਿੰਘ (ਸ਼ੌਰਿਆ ਚੱਕਰ) ਅਤੇ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਕਰ ਰਹੇ ਸਨ। ਆਗੂਆਂ ਨੇ ਦੋਸ਼ ਲਗਾਇਆ ਕਿ ਇੱਕ ਸਥਾਨਕ ਵਿਧਾਇਕ ਦੀ ਸ਼ਹਿ ’ਤੇ ਪ੍ਰਸ਼ਾਸਨਿਕ ਅਧਿਕਾਰੀ ਧੱਕੇਸ਼ਾਹੀ ਕਰ ਰਹੇ ਹਨ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਚੱਕਾ ਜਾਮ ਕਾਰਨ ਫਿਰੋਜ਼ਪੁਰ–ਫਾਜ਼ਿਲਕਾ ਮੁੱਖ ਮਾਰਗ ’ਤੇ ਦੋਵਾਂ ਪਾਸਿਆਂ ਕਿਲੋਮੀਟਰਾਂ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ, ਮਰੀਜ਼ਾਂ ਨੂੰ ਹਸਪਤਾਲ ਲੈ ਜਾਣ ਵਾਲੀਆਂ ਐਂਬੂਲੈਂਸਾਂ ਅਤੇ ਦੂਰ-ਦਰਾਜ਼ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਵਾਹਨ ਚਾਲਕਾਂ ਨੂੰ ਵੱਖ-ਵੱਖ ਰਸਤਿਆਂ ਰਾਹੀਂ ਆਪਣੀ ਮੰਜ਼ਿਲ ਵੱਲ ਮੋੜਿਆ ਗਿਆ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਕਪਤਾਨ ਗੁਰਸੇਵਕ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਧਰਨੇ ’ਤੇ ਬੈਠੇ ਆਗੂਆਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਵੋਟਾਂ ਦੀ ਗਿਣਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਈ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਗੜਬੜੀ ਦੀ ਗੁੰਜਾਇਸ਼ ਨਹੀਂ ਛੱਡੀ ਜਾਵੇਗੀ। ਪੁਲਿਸ ਉਪ ਕਪਤਾਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਗਿਣਤੀ ਕੇਂਦਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀ ਕਾਊਂਟਿੰਗ ਪ੍ਰਕਿਰਿਆ ਦੀ ਲਗਾਤਾਰ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਨੂੰ ਨਿਯਮਾਂ ਅਨੁਸਾਰ ਅੰਦਰ ਜਾਣ ਦੀ ਆਗਿਆ ਦਿੱਤੀ ਜਾਵੇਗੀ। ਕਰੀਬ ਇੱਕ ਘੰਟੇ ਤੱਕ ਚੱਲੇ ਧਰਨੇ ਅਤੇ ਚੱਕਾ ਜਾਮ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਧਰਨੇ ’ਤੇ ਬੈਠੇ ਉਮੀਦਵਾਰਾਂ ਦੀ ਮੰਗ ਮੰਨ ਲਈ ਗਈ ਅਤੇ ਉਨ੍ਹਾਂ ਨੂੰ ਕਾਊਂਟਿੰਗ ਸੈਂਟਰ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਖਤਮ ਕਰ ਦਿੱਤਾ ਅਤੇ ਮੁੱਖ ਮਾਰਗ ’ਤੇ ਆਵਾਜਾਈ ਮੁੜ ਬਹਾਲ ਹੋ ਗਈ। ਖ਼ਬਰ ਭੇਜੇ ਜਾਣ ਤੱਕ ਗਿਣਤੀ ਕੇਂਦਰ ਵਿੱਚ ਵੋਟਾਂ ਦੀ ਗਿਣਤੀ ਨਿਰੰਤਰ ਜਾਰੀ ਸੀ, ਜਦਕਿ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।