ਇਨਸਾਫ਼ ਲਈ ਵਾਲਮੀਕਿ ਸਮਾਜ ਨੇ ਕੱਢਿਆ ਰੋਸ ਮਾਰਚ, ਸੀਐੱਮ ਦਾ ਪੁਤਲਾ ਫੂਕਿਆ ਇਨਸਾਫ਼ ਲਈ ਵਾਲਮੀਕਿ ਸਮਾਜ ਨੇ ਕੱਢਿਆ ਰੋਸ ਮਾਰਚ, ਸੀਐੱਮ ਦਾ ਪੁਤਲਾ ਫੂਕਿਆ
Publish Date: Thu, 22 Oct 2026 04:24 PM (IST)
Updated Date: Fri, 23 Oct 2026 04:01 AM (IST)
ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ, ਸ਼ਿਵ ਲਾਲ ਡੋਡਾ ਨੂੰ ਵੀ ਮਾਮਲੇ ’ਚ ਨਾਮਜ਼ਦ ਕਰਨ ਦੀ ਉਠਾਈ ਮੰਗ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਸਰਕਾਰ ’ਤੇ ਸਾਧਿਆ ਨਿਸ਼ਾਨਾ, ਸ਼ਿਵ ਲਾਲ ਡੋਡਾ ਨੇ ਦੋਸ਼ਾਂ ਨੂੰ ਨਕਾਰਿਆ ਰਿਤਿਸ਼ ਕੁੱਕੜ. ਪੰਜਾਬੀ ਜਾਗਰਣ, ਫ਼ਾਜ਼ਿਲਕਾ /ਅਬੋਹਰ : ਸੰਤ ਨਗਰ ਵਾਸੀ ਅਜੈ ਕੁਮਾਰ ਗੋਲੀਕਾਂਡ ਦੇ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਵਾਲਮੀਕਿ ਸਮਾਜ ਵੱਲੋਂ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਅੰਬੇਡਕਰ ਚੌਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮ੍ਰਿਤਕ ਅਜੈ ਦੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਦੇ ਲੋਕ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਅਜੈ ਨੇ ਆਪਣੇ ਬਿਆਨਾਂ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਨਾਂ ਦੱਸੇ ਸਨ, ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੋਲੀਕਾਂਡ ਦੇ ਅਸਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸ਼ਿਵ ਲਾਲ ਡੋਡਾ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਮੰਗ ਉਠਾਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਰੋਸ ਪ੍ਰਦਰਸ਼ਨ ਦੌਰਾਨ ਵਾਲਮੀਕਿ ਸਮਾਜ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਦੇ ਸਹੁਰੇ ਸ਼ਿਵ ਲਾਲ ਡੋਡਾ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਤੋਂ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ। ਦੂਜੇ ਪਾਸੇ, ਸ਼ਿਵ ਲਾਲ ਡੋਡਾ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਅਜੈ ਕੁਮਾਰ ਗੋਲੀਕਾਂਡ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਇਸ ਮਾਮਲੇ ਵਿੱਚ ਘਸੀਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਗੋਲੀ ਚਲਾਉਣ ਵਾਲੇ ਅਸਲ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਰਕਾਰੀ ਦਫ਼ਤਰਾਂ ’ਚ ਮਹਾਪੁਰਖਾਂ ਦੀਆਂ ਤਸਵੀਰਾਂ ਲਾਉਣ ਦਾ ਕੀ ਫ਼ਾਇਦਾ : ਜਾਖੜ ਪ੍ਰਦਰਸ਼ਨ ਵਿੱਚ ਸ਼ਾਮਲ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਦਫ਼ਤਰਾਂ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਹੋਈਆਂ ਹਨ ਪਰ ਉਨ੍ਹਾਂ ਦੇ ਆਦਰਸ਼ਾਂ ’ਤੇ ਅਮਲ ਹੁੰਦਾ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਜਿਸ ਗਰੀਬ ਪਰਿਵਾਰ ਨੂੰ ਦੁੱਖ ਦੀ ਇਸ ਘੜੀ ਵਿੱਚ ਆਪਣੇ ਘਰ ਰਹਿ ਕੇ ਪਰਿਵਾਰ ਨੂੰ ਸੰਭਾਲਣਾ ਚਾਹੀਦਾ ਸੀ, ਉਹ ਇਨਸਾਫ਼ ਦੀ ਮੰਗ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ। ਉਨ੍ਹਾਂ ਸਰਕਾਰ ਨੂੰ ਪੀੜਤ ਪਰਿਵਾਰ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਤੇ ਉਸ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ। ਐਕਸ ’ਤੇ ਜਾਖੜ ਨੇ ਗੱਬਰ ਸਿੰਘ ਦੀ ਤਸਵੀਰ ਲਾਉਣ ਦੀ ਕੀਤੀ ਟਿੱਪਣੀ ਵਿਧਾਇਕ ਸੰਦੀਪ ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਤਿੱਖੀ ਸਿਆਸੀ ਟਿੱਪਣੀ ਕੀਤੀ। ਉਨ੍ਹਾਂ ਲਿਖਿਆ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਦਫ਼ਤਰਾਂ ਵਿੱਚ ਲੱਗੀਆਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਉਨ੍ਹਾਂ ਦੀ ਥਾਂ ਫ਼ਿਲਮ ‘ਸ਼ੋਲੇ’ ਦੇ ਖਲਨਾਇਕ ਗੱਬਰ ਸਿੰਘ ਦੀਆਂ ਤਸਵੀਰਾਂ ਲਗਾ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਜਾਖੜ ਨੇ ਆਪਣੀ ਪੋਸਟ ਵਿੱਚ ਅਬੋਹਰ ਵਿੱਚ ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ ਦੀ ਕਾਰਜਸ਼ੈਲੀ ’ਤੇ ਵੀ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ। ਇਹ ਟਿੱਪਣੀ ਉਨ੍ਹਾਂ ਵੱਲੋਂ ਸੂਬਾ ਸਰਕਾਰ ਅਤੇ ਸਥਾਨਕ ਸਿਆਸੀ ਲੀਡਰਸ਼ਿਪ ਵਿਰੁੱਧ ਕੀਤੇ ਗਏ ਵਿਰੋਧ ਦਾ ਹਿੱਸਾ ਸੀ। ਇਸ ਮੌਕੇ ਭਾਜਪਾ ਆਗੂ ਵੰਦਨਾ ਸਾਂਗਵਾਲ, ਭਾਜਪਾ ਦੇ ਕੌਂਸਲਰ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਮ੍ਰਿਤਕ ਅਜੈ ਦਾ ਭਰਾ ਆਕਾਸ਼ ਅਤੇ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।