ਟਰਾਂਸਫਾਰਮਰਾਂ ’ਚੋਂ ਤੇਲ ਤੇ ਮੋਟਰਾਂ ਦੀ ਚੋਰੀ ਵਿਰੁੱਧ ਥਾਣਾ ਘੇਰਿਆ
ਟਰਾਂਸਫਾਰਮਰਾਂ ਵਿੱਚੋਂ ਤੇਲ ਤੇ ਖੇਤਾਂ ਵਿੱਚੋਂ ਮੋਟਰਾਂ ਦੀਆਂ ਚੋਰੀਆਂ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਵਲੋਂ ਧਰਨਾ
Publish Date: Fri, 26 Jun 2026 06:39 PM (IST)
Updated Date: Fri, 26 Jun 2026 06:40 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਖੂਈਖੇੜਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਕਰਨ ਅਤੇ ਖੇਤਾਂ ਵਿੱਚੋਂ ਮੋਟਰਾਂ ਚੋਰੀ ਹੋਣ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਪੰਜ ਪਿੰਡਾਂ ਦੇ ਵਸਨੀਕਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਹਿਯੋਗ ਨਾਲ ਥਾਣਾ ਖੂਈਖੇੜਾ ਦੇ ਬਾਹਰ ਰੋਸ ਧਰਨਾ ਦਿੱਤਾ। ਪਿੰਡ ਵਾਸੀਆਂ ਦਾ ਦੋਸ਼ ਸੀ ਕਿ ਸ਼ਿਕਾਇਤਾਂ ਦੇ ਬਾਵਜੂਦ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਸਵੇਰ ਤੋਂ ਦੁਪਹਿਰ ਤੱਕ ਚੱਲੇ ਧਰਨੇ ਤੋਂ ਬਾਅਦ ਕਿਸਾਨ ਫਾਜ਼ਿਲਕਾ-ਅਬੋਹਰ ਰੋਡ ਤੇ ਪਹੁੰਚੇ ਅਤੇ ਹਾਈਵੇ ਜਾਮ ਕਰਕੇ ਧਰਨਾ ਲਗਾ ਦਿੱਤਾ। ਇਸ ਤੋਂ ਬਾਅਦ ਡੀਐਸਪੀ ਅਤੇ ਥਾਣਾ ਮੁਖੀ ਮੌਕੇ ਤੇ ਪਹੁੰਚੇ ਅਤੇ ਜਲਦੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ। ਇਸ ਮੌਕੇ ਪਿੰਡ ਕਬੂਲਸ਼ਾਹ ਖੁੱਬਣ ਦੇ ਸਰਪੰਚ ਬਲਵੀਰ ਸਿੰਘ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਮੇਤ ਹੋਰ ਆਗੂਆਂ ਨੇ ਦੱਸਿਆ ਕਿ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਖੇਤਾਂ ਵਿੱਚ ਲੱਗੀਆਂ ਮੋਟਰਾਂ ਅਤੇ ਬਿਜਲੀ ਦੇ ਟਰਾਂਸਫਾਰਮਰ ਚੋਰਾਂ ਦੇ ਨਿਸ਼ਾਨੇ ਤੇ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਕਈ ਵਾਰ ਪੁਲਿਸ ਨੂੰ ਸ਼ਿਕਾਇਤਾਂ ਦੇ ਚੁੱਕੇ ਹਨ ਅਤੇ ਕੁਝ ਮਾਮਲਿਆਂ ਵਿੱਚ ਚੋਰਾਂ ਨੂੰ ਫੜ ਕੇ ਪੁਲਿਸ ਹਵਾਲੇ ਵੀ ਕੀਤਾ ਗਿਆ, ਪਰ ਇਸ ਦੇ ਬਾਵਜੂਦ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਸਰਪੰਚ ਨੇ ਦੋਸ਼ ਲਾਇਆ ਕਿ ਚੋਰੀ ਕਰਨ ਵਾਲਿਆਂ ਦੇ ਨਾਲ-ਨਾਲ ਚੋਰੀ ਦਾ ਸਮਾਨ ਖਰੀਦਣ ਵਾਲੇ ਲੋਕ ਵੀ ਬਰਾਬਰ ਦੇ ਦੋਸ਼ੀ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਧਰਨੇ ਵਿੱਚ ਪਿੰਡ ਕਬੂਲਸ਼ਾਹ ਖੁੱਬਣ, ਆਜ਼ਮਵਾਲਾ, ਖਿੱਪਾਂਵਾਲੀ, ਰਾਮਕੋਟ ਅਤੇ ਹੀਰਾਵਾਲੀ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਸੇਵਾਮੁਕਤ ਐੱਸਡੀਓ ਪੀਐੱਸਪੀਸੀਐਲ ਬਲਦੇਵ ਸਿੰਘ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ ਚੋਰਾਂ ਦੀ ਪਛਾਣ ਹੋਣ ਦੇ ਬਾਵਜੂਦ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਰੋਡ ਜਾਮ ਦੌਰਾਨ ਲੋਕ ਹੋਏ ਪਰੇਸ਼ਾਨ ਸਵੇਰੇ ਕਰੀਬ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਥਾਣੇ ਦੇ ਬਾਹਰ ਧਰਨਾ ਦੇਣ ਤੋਂ ਬਾਅਦ ਕਿਸਾਨ ਫਾਜ਼ਿਲਕਾ-ਅਬੋਹਰ ਰੋਡ ਤੇ ਪਹੁੰਚ ਗਏ ਅਤੇ ਸੜਕ ਜਾਮ ਕਰ ਦਿੱਤੀ। ਇਸ ਕਾਰਨ ਰਾਹਗੀਰਾਂ ਨੂੰ ਗਰਮੀ ਵਿੱਚ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਾਅਦ ਵਿੱਚ ਥਾਣਾ ਮੁਖੀ ਮੌਕੇ ਤੇ ਪਹੁੰਚੇ ਅਤੇ ਦੱਸਿਆ ਕਿ ਪੁਲਿਸ ਹੁਣ ਤੱਕ ਚੋਰੀ ਦੇ ਮਾਮਲਿਆਂ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ।