- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਨਗਰ ਕੌਂਸਲ ਦੇ ਨਵੇਂ ਬੋਰਡ ਦੀ ਉਡੀਕ ਜਾਰੀ, ਬਹੁਮਤ ਦਾ ਗਣਿਤ ਬਣਿਆ ਸਿਆਸੀ ਚੁਣੌਤੀ

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ
ਫਾਜ਼ਿਲਕਾ : ਨਗਰ ਕੌਂਸਲ ਫਾਜ਼ਿਲਕਾ ਦੀਆਂ ਚੋਣਾਂ ਹੋਏ ਨੂੰ ਕਰੀਬ ਇੱਕ ਮਹੀਨਾ ਬੀਤ ਚੁੱਕਾ ਹੈ, ਪਰ ਹਾਲੇ ਤੱਕ ਨਾ ਤਾਂ ਨਵ-ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਇਆ ਹੈ ਅਤੇ ਨਾ ਹੀ ਨਗਰ ਕੌਂਸਲ ਦਾ ਨਵਾਂ ਬੋਰਡ ਬਣ ਸਕਿਆ ਹੈ। ਇਸ ਦੀ ਸਭ ਤੋਂ ਵੱਡੀ ਵਜ੍ਹਾ ਕਿਸੇ ਵੀ ਸਿਆਸੀ ਪਾਰਟੀ ਕੋਲ ਸਪੱਸ਼ਟ ਬਹੁਮਤ ਨਾ ਹੋਣਾ ਮੰਨੀ ਜਾ ਰਹੀ ਹੈ। ਅਜਿਹੇ ਵਿੱਚ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸਿਆਸੀ ਜੋੜ-ਤੋੜ ਤੇਜ਼ ਹੋਣ ਦੀ ਸੰਭਾਵਨਾ ਹੈ। ਫਿਲਹਾਲ ਸਾਰੀਆਂ ਪਾਰਟੀਆਂ ਸਰਕਾਰ ਵੱਲੋਂ ਬੋਰਡ ਗਠਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੀ ਉਡੀਕ ਕਰ ਰਹੀਆਂ ਹਨ। ਨਗਰ ਕੌਂਸਲ ਦਾ ਬੋਰਡ ਨਾ ਬਣਨ ਅਤੇ ਸਹੁੰ ਚੁੱਕ ਸਮਾਗਮ ਨਾ ਹੋਣ ਕਾਰਨ ਨਵੇਂ ਚੁਣੇ ਕੌਂਸਲਰਾਂ ਨੂੰ ਹਾਲੇ ਤੱਕ ਕੋਈ ਪ੍ਰਸ਼ਾਸਨਿਕ ਅਧਿਕਾਰ ਨਹੀਂ ਮਿਲੇ। ਇਸ ਦਾ ਸਿੱਧਾ ਅਸਰ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਰੋਜ਼ਾਨਾ ਦੇ ਕੰਮਾਂ ’ਤੇ ਪੈ ਰਿਹਾ ਹੈ। ਖਾਸ ਕਰ ਕੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਟੀਫਿਕੇਟਾਂ ਦੀ ਤਸਦੀਕ ਅਤੇ ਦਸਤਖ਼ਤ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਕੁਝ ਕੰਮ ਸਾਬਕਾ ਕੌਂਸਲਰਾਂ ਰਾਹੀਂ ਹੋ ਸਕਦੇ ਹਨ, ਪਰ ਜ਼ਿਆਦਾਤਰ ਸਾਬਕਾ ਕੌਂਸਲਰ ਹੁਣ ਸਰਗਰਮ ਨਹੀਂ ਹਨ।
13 ਦੇ ਅੰਕੜੇ ਤੋਂ ਦੂਰ ਸਾਰੀਆਂ ਪਾਰਟੀਆਂ
25 ਵਾਰਡਾਂ ਵਾਲੀ ਨਗਰ ਕੌਂਸਲ ਵਿੱਚ ਬਹੁਮਤ ਲਈ 13 ਮੈਂਬਰਾਂ ਦਾ ਸਮਰਥਨ ਲਾਜ਼ਮੀ ਹੈ। ਚੋਣ ਨਤੀਜਿਆਂ ਅਨੁਸਾਰ ਭਾਜਪਾ ਨੇ 11, ਕਾਂਗਰਸ ਨੇ 9 ਅਤੇ ਆਮ ਆਦਮੀ ਪਾਰਟੀ ਨੇ 5 ਸੀਟਾਂ ਜਿੱਤੀਆਂ ਸਨ। ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਕੌਂਸਲਰ ਨੇ ਭਾਜਪਾ ਨੂੰ ਸਮਰਥਨ ਦੇ ਦਿੱਤਾ, ਜਿਸ ਨਾਲ ਭਾਜਪਾ ਦੀ ਗਿਣਤੀ 12 ਹੋ ਗਈ। ਇਸ ਦੇ ਬਾਵਜੂਦ ਕੋਈ ਵੀ ਪਾਰਟੀ ਬਹੁਮਤ ਦੇ ਅੰਕੜੇ ਤੱਕ ਨਹੀਂ ਪਹੁੰਚੀ, ਜਿਸ ਕਾਰਨ ਬੋਰਡ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।
ਨੋਟੀਫਿਕੇਸ਼ਨ ਤੋਂ ਬਾਅਦ ਹੀ ਸਾਫ਼ ਹੋਣਗੇ ਸਮੀਕਰਨ
ਸੂਤਰਾਂ ਅਨੁਸਾਰ ਹਾਲ ਹੀ ਵਿੱਚ ਜਲਾਲਾਬਾਦ ਅਤੇ ਅਬੋਹਰ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਅਤੇ ਉਨ੍ਹਾਂ ਨਾਲ ਜੁੜੇ ਪ੍ਰਸ਼ਾਸਨਿਕ ਕੰਮਾਂ ਕਾਰਨ ਵੀ ਬੋਰਡ ਗਠਨ ਵਿੱਚ ਦੇਰੀ ਹੋਈ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਕਾਰਨ ਸਾਹਮਣੇ ਨਹੀਂ ਆਇਆ। ਸਾਰੀਆਂ ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਵੇ, ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਜਲਦੀ ਬਣੇ ਬੋਰਡ : ਸੁਰਿੰਦਰ ਸਚਦੇਵਾ
ਸਾਬਕਾ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਸਚਦੇਵਾ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਨਾ ਹੋਣ ਕਾਰਨ ਨਵੇਂ ਕੌਂਸਲਰਾਂ ਨੂੰ ਅਜੇ ਤੱਕ ਅਧਿਕਾਰ ਨਹੀਂ ਮਿਲੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਤਸਦੀਕ ਕਰਵਾਉਣ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਸਹੁੰ ਚੁੱਕ ਸਮਾਗਮ ਕਰਵਾ ਕੇ ਨਗਰ ਕੌਂਸਲ ਦੇ ਨਵੇਂ ਬੋਰਡ ਦਾ ਗਠਨ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜ ਅਤੇ ਲੋਕ ਸੇਵਾਵਾਂ ਮੁੜ ਸੁਚਾਰੂ ਢੰਗ ਨਾਲ ਚੱਲ ਸਕਣ।