ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਟਰੱਕ ਚਾਲਕ ਮੌਕੇ ਤੋਂ ਫ਼ਰਾਰ ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਟਰੱਕ ਚਾਲਕ ਮੌਕੇ ਤੋਂ ਫ਼ਰਾਰ
Publish Date: Tue, 06 Oct 2026 06:35 PM (IST)
Updated Date: Tue, 06 Oct 2026 06:38 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਅਬੋਹਰ ਦੇ ਪਿੰਡ ਸੁਖਚੈਨ ਵਾਸੀ ਕਰੀਬ 28 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸੀਤੋ ਚੌਕੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਮ੍ਰਿਤਕ ਆਪਣੀ ਭੈਣ ਦਾ ਇਕਲੌਤਾ ਭਰਾ ਅਤੇ ਪਰਿਵਾਰ ਦਾ ਇਕਲੌਤਾ ਚਿਰਾਗ ਸੀ। ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਵਿਪਨ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਆਪਣੀ ਬਾਈਕ ’ਤੇ ਸਵਾਰ ਹੋ ਕੇ ਪਿੰਡ ਸੁਖਚੈਨ ਤੋਂ ਮਲੋਟ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵਿਪਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਟਰੱਕ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸੀਤੋ ਚੌਕੀ ਦੇ ਇੰਚਾਰਜ ਲਖਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਦੌਰਾਨ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਟੀਮ ਨੇ ਹੋਰ ਲੋਕਾਂ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਵੱਲੋਂ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ।