ਜਲਾਲਾਬਾਦ ਵਿੱਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਜਲਾਲਾਬਾਦ ਵਿੱਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Publish Date: Tue, 30 Dec 2025 06:13 PM (IST)
Updated Date: Tue, 30 Dec 2025 06:14 PM (IST)

ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਦੇ ਬਾਹਮਣੀ ਵਾਲਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ। ਵਿਅਕਤੀ ਦੁਕਾਨ ਤੋਂ ਘਰ ਦਾ ਰਾਸ਼ਨ ਲੈ ਕੇ ਪੈਦਲ ਆਪਣੇ ਘਰ ਪਰਤ ਰਿਹਾ ਸੀ ਕਿ ਇੱਕ ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਜਾਨ ਚਲੀ ਗਈ।ਫਿਲਹਾਲ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਪਿੰਡ ਬਾਹਮਣੀ ਵਾਲਾ ਦੇ ਰਹਿਣ ਵਾਲੇ 35 ਸਾਲਾ ਚਰਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੀ ਮਾਸੀ ਦਾ ਲੜਕਾ ਚਰਨਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਮਿਹਨਤ-ਮਜ਼ਦੂਰੀ ਕਰਕੇ ਘਰ ਪਰਤਿਆ ਸੀ। ਇਸ ਤੋਂ ਬਾਅਦ ਉਹ ਪਿੰਡ ਦੀ ਇੱਕ ਦੁਕਾਨ ਤੋਂ ਘਰ ਦਾ ਰਾਸ਼ਨ ਲੈ ਕੇ ਪੈਦਲ ਘਰ ਆ ਰਿਹਾ ਸੀ ਕਿ ਰਸਤੇ ਵਿੱਚ ਇੱਕ ਕੈਂਟਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਰਨਜੀਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਚਰਨਜੀਤ ਆਪਣੇ ਪਿੱਛੇ ਤਿੰਨ ਬੱਚੇ ਛੱਡ ਗਿਆ ਹੈ। ਹਸਪਤਾਲ ਵਿੱਚ ਡਾਕਟਰਾਂ ਨੇ ਮ੍ਰਿਤਕ ਐਲਾਨਿਆ ਹਾਦਸੇ ਤੋਂ ਤੁਰੰਤ ਬਾਅਦ ਚਰਨਜੀਤ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਫਿਲਹਾਲ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੀ ਦੇਹ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।