ਸਰਕਾਰੀ ਹਸਪਤਾਲ ਵਿੱਚ ਤਾਇਨਾਤ ਡਾਕਟਰ ਕਰਨ ਨੇ ਦੱਸਿਆ ਕਿ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਲਿਆਂਦਾ ਗਿਆ ਸੀ, ਪਰ ਜਾਂਚ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ, ਫਾਜ਼ਿਲਕਾ :ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਵਾਲੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਪਿੰਡ ਦੇ ਨੇੜੇ ਝਾੜੀਆਂ ਵਿੱਚ ਬੇਹੋਸ਼ ਹਾਲਤ ਵਿੱਚ ਮਿਲਿਆ, ਜਿਸਨੂੰ ਪਰਿਵਾਰਕ ਮੈਂਬਰ ਤੁਰੰਤ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ।
ਘਟਨਾ ਤੋਂ ਬਾਅਦ ਪਰਿਵਾਰ ਨੇ ਰਵਿੰਦਰ ਦੇ ਸਹੁਰਿਆਂ 'ਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਅਤੇ ਤਸ਼ੱਦਦ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਦੇ ਪਿਤਾ ਸੇਵਾ ਸਿੰਘ, ਜੋ ਕੰਬਾਈਨ ਡਰਾਈਵਰ ਹਨ, ਨੇ ਦੱਸਿਆ ਕਿ ਉਹ ਕੰਮ 'ਤੇ ਗਏ ਹੋਏ ਸਨ ਅਤੇ ਰਵਿੰਦਰ ਵੀ ਘਰੋਂ ਕੰਮ ਲਈ ਨਿਕਲਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਰਵਿੰਦਰ ਪਿੰਡ ਨੇੜੇ ਝਾੜੀਆਂ ਵਿੱਚ ਬੇਹੋਸ਼ ਪਿਆ ਹੈ।
ਉਨ੍ਹਾਂ ਕਿਹਾ ਕਿ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਪੁੱਤਰ ਨੂੰ ਤੁਰੰਤ ਹਸਪਤਾਲ ਲੈ ਗਏ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਰਵਿੰਦਰ ਨੂੰ ਉਸਦੇ ਸਹੁਰਿਆਂ ਵੱਲੋਂ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਤੰਗ ਕੀਤਾ ਜਾਂਦਾ ਸੀ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਇਸ ਤਣਾਅ ਕਾਰਨ ਰਵਿੰਦਰ ਨੇ ਨਸ਼ੇ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਸੀ, ਜਿਸ ਨਾਲ ਉਸਦੀ ਹਾਲਤ ਲਗਾਤਾਰ ਵਿਗੜਦੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਇਹੀ ਉਸਦੀ ਮੌਤ ਦਾ ਕਾਰਨ ਬਣਿਆ। ਮ੍ਰਿਤਕ ਦੀ ਪਤਨੀ ਅੱਠ ਮਹੀਨਿਆਂ ਦੀ ਗਰਭਵਤੀ ਹੈ, ਜਿਸ ਕਾਰਨ ਪਰਿਵਾਰ ਦੀ ਚਿੰਤਾ ਹੋਰ ਵੱਧ ਗਈ ਹੈ।
ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਸਦੀ ਮਾਤਾ ਹਸਪਤਾਲ ਵਿੱਚ ਬੇਹੋਸ਼ ਹੋ ਗਈ, ਜਿਸਨੂੰ ਤੁਰੰਤ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਜੀਜਾ ਅਤੇ ਸਾਲੇ ਮਲਕੀਤ ਸਿੰਘ ਨੇ ਵੀ ਦੋਸ਼ ਲਗਾਇਆ ਕਿ ਰਵਿੰਦਰ ਨੂੰ ਉਸਦੇ ਮਾਪਿਆਂ ਦੇ ਘਰ ਰੱਖਿਆ ਜਾਂਦਾ ਸੀ ਅਤੇ ਉਸਨੂੰ ਆਪਣੇ ਘਰ ਆਉਣ ਨਹੀਂ ਦਿੱਤਾ ਜਾਂਦਾ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਰਹਿੰਦਾ ਸੀ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸਰਕਾਰੀ ਹਸਪਤਾਲ ਵਿੱਚ ਤਾਇਨਾਤ ਡਾਕਟਰ ਕਰਨ ਨੇ ਦੱਸਿਆ ਕਿ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਲਿਆਂਦਾ ਗਿਆ ਸੀ, ਪਰ ਜਾਂਚ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।