ਕਲਰਖੇੜਾ ਮੰਡੀ ’ਚ 10 ਹਜ਼ਾਰ ਬੋਰੀਆਂ ਕਣਕ ਖੁੱਲ੍ਹੇ ਅਸਮਾਨ ਹੇਠ : ਸੰਦੀਪ ਜਾਖੜ
ਕਲਰਖੇੜਾ ਮੰਡੀ ਵਿੱਚ 10 ਹਜ਼ਾਰ ਬੋਰੀਆਂ ਕਣਕ ਖੁੱਲ੍ਹੇ ਅਸਮਾਨ ਹੇਠ, ਕਿਸਾਨ ਹੋ ਰਿਹਾ ਖੱਜਲ ਖੁਆਰ :ਸੰਦੀਪ ਜਾਖੜ
Publish Date: Wed, 06 May 2026 05:40 PM (IST)
Updated Date: Wed, 06 May 2026 05:41 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਕਲਰਖੇੜਾ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਮੰਡੀ ਦਾ ਦੌਰਾ ਕਰਕੇ ਦੱਸਿਆ ਕਿ ਇਸ ਵੇਲੇ ਕਰੀਬ 10 ਹਜ਼ਾਰ ਬੋਰੀਆਂ ਕਣਕ ਖੁੱਲ੍ਹੇ ਅਸਮਾਨ ਹੇਠ ਪਈਆਂ ਹਨ। ਵਿਧਾਇਕ ਨੇ ਕਿਹਾ ਕਿ ਕਿਸਾਨ ਆਪਣੀ ਫਸਲ ਨੂੰ ਵੱਡੀ ਉਮੀਦ ਨਾਲ ਮੰਡੀ ਵਿੱਚ ਲਿਆਏ ਸਨ, ਪਰ ਖਰੀਦ ਪ੍ਰਕਿਰਿਆ ਰੁਕਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਦਲਦੇ ਮੌਸਮ ਅਤੇ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨ ਤਰਪਾਲਾਂ ਹੇਠ ਕਣਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਢੁੱਕਵੇਂ ਪ੍ਰਬੰਧਾਂ ਦੀ ਘਾਟ ਹੈ ਅਤੇ ਲਿਫਟਿੰਗ ਦੀ ਮੰਦ ਗਤੀ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਸੰਦੀਪ ਜਾਖੜ ਨੇ ਕਿਹਾ ਕਿ ਇਹ ਸਿਰਫ ਫਸਲਾਂ ਦੀ ਬਰਬਾਦੀ ਨਹੀਂ, ਸਗੋਂ ਕਿਸਾਨਾਂ ਦੀ ਮਿਹਨਤ ਅਤੇ ਸਨਮਾਨ ਨਾਲ ਵੀ ਜੁੜਿਆ ਮਾਮਲਾ ਹੈ। ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰ ਨੂੰ ਤੁਰੰਤ ਦਖਲ ਦੇ ਕੇ ਖਰੀਦ ਪ੍ਰਕਿਰਿਆ ਸੁਚਾਰੂ ਬਣਾਉਣੀ ਚਾਹੀਦੀ ਹੈ। ਵਿਧਾਇਕ ਨੇ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਖਰੀਦ ਸ਼ੁਰੂ ਨਾ ਹੋਈ ਅਤੇ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਤੇਜ਼ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਆਈ ਹਰ ਬੋਰੀ ਕਣਕ ਦੀ ਖਰੀਦ ਯਕੀਨੀ ਬਣਾਈ ਜਾਵੇ।