ਨੈਸ਼ਨਲ ਲੋਕ ਅਦਾਲਤ ਵਿੱਚ 14,279 ਕੇਸਾਂ ਦਾ ਨਿਪਟਾਰਾ
ਨੈਸ਼ਨਲ ਲੋਕ ਅਦਾਲਤ ਵਿੱਚ 14,279 ਕੇਸਾਂ ਦਾ ਨਿਪਟਾਰਾ
Publish Date: Sat, 09 May 2026 04:15 PM (IST)
Updated Date: Sat, 09 May 2026 04:17 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਾਜ਼ਿਲਕਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀ-ਨਿਰਦੇਸ਼ ਹੇਠੋਂ 9 ਮਈ ਨੂੰ ਫਾਜ਼ਿਲਕਾ, ਅਬੋਹਰ ਜਲਾਲਾਬਾਦ, ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤ ਧਰਮਿੰਦਰ ਪਾਲ ਸਿੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਕਰਵਾਈ ਗਈ। ਲੋਕ ਅਦਾਲਤ ਦੌਰਾਨ ਜ਼ਿਲ੍ਹਾ ਫਾਜ਼ਿਲਕਾ ’ਚ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਵਿੱਚ 5 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 2 ਬੈਂਚ ਜਲਾਲਾਬਾਦ ਵਿਖੇ ਲਗਾਏ ਗਏ। ਬੈਂਚਾਂ ਵੱਲੋਂ ਦੋਵਾਂ ਪੱਖਾਂ ਦੀ ਆਪਸੀ ਸਹਿਮਤੀ ਨਾਲ ਲੰਬਿਤ ਤੇ ਪ੍ਰੀ-ਲਿਟੀਗੇਸ਼ਨ ਕੇਸਾਂ ਦਾ ਨਿਪਟਾਰਾ ਕਰਕੇ ਪਾਰਟੀਆਂ ਨੂੰ ਸਸਤਾ, ਛੇਤੀ ਅਤੇ ਸੁਗਮ ਇਨਸਾਫ ਪ੍ਰਦਾਨ ਕੀਤਾ ਗਿਆ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੈਮਲਪ੍ਰੀਤ ਰਗਰੇਵਾਲ ਕਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 15,687 ਕੇਸ ਸੁਣਵਾਈ ਲਈ ਰੱਖੇ ਗਏ ਸਨ। ਇਨ੍ਹਾਂ ਵਿੱਚੋਂ 14,279 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁੱਲ 15,97,34,495 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਇਸ ਨਾਲ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟਦੀ ਹੈ ਅਤੇ ਲੋਕਾਂ ਨੂੰ ਛੇਤੀ ਨਿਆਂ ਪ੍ਰਾਪਤ ਹੁੰਦਾ ਹੈ।