ਮਰਦਮਸ਼ੁਮਾਰੀ-2027 ਲਈ ਦੂਸਰੇ ਬੈਚ ਦੀ 3 ਰੋਜ਼ਾ ਟ੍ਰੇਨਿੰਗ ਕਰਵਾਈ
ਮਰਦਮਸ਼ੁਮਾਰੀ 2027 ਲਈ ਦੂਸਰੇ ਬੈਚ ਦੀ 3 ਰੋਜ਼ਾ ਟਰੇਨਿੰਗ ਆਯੋਜਿਤ
Publish Date: Wed, 29 Apr 2026 03:27 PM (IST)
Updated Date: Wed, 29 Apr 2026 03:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਤਹਿਸੀਲ ਗੁਰੂਹਰਸਹਾਏ, ਜ਼ੀਰਾ ਅਤੇ ਫ਼ਿਰੋਜ਼ਪੁਰ ਵਿਖੇ ਦੂਸਰੇ ਬੈਚ ਦੀ ਮਕਾਨਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ 3 ਰੋਜ਼ਾ ਟਰੇਨਿੰਗ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਟਰੇਨਿੰਗ ਦਾ ਮੁੱਖ ਉਦੇਸ਼ ਮਰਦਮਸ਼ੁਮਾਰੀ ਨੂੰ ਪੂਰੀ ਤਰ੍ਹਾਂ ਵਿਗਿਆਨਕ ਅਤੇ ਡਿਜੀਟਲ ਢੰਗ ਨਾਲ ਪੂਰਾ ਕਰਨਾ ਹੈ, ਤਾਂ ਜੋ ਅਗਲੇ ਪੜਾਅ ਦੀ ਯੋਜਨਾ ਸਹੀ ਅਧਾਰ ’ਤੇ ਬਣ ਸਕੇ। ਇਸ ਟਰੇਨਿੰਗ ਵਿਚ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟਰੇਨਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਭਾਗ ਲੈਣ ਵਾਲੇ ਗਿਣਤੀਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦਿੱਤੇ ਗਏ। ਟਰੇਨਰਾਂ ਵੱਲੋਂ ਮਕਾਨਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਉਨ੍ਹਾਂ ਕਿਹਾ ਕਿ ਮਕਾਨਸੂਚੀਕਰਣ ਮਰਦਮਸ਼ੁਮਾਰੀ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੁੰਦਾ ਹੈ, ਜਿਸ ਦੇ ਆਧਾਰ ’ਤੇ ਆਗਾਮੀ ਕਾਰਵਾਈ ਨਿਰਭਰ ਕਰਦੀ ਹੈ। ਇਸ ਲਈ ਹਰ ਕਰਮਚਾਰੀ ਵੱਲੋਂ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ।