ਜ਼ਿਲੇ ’ਚ ਹੁਣ ਤੱਕ ਕਣਕ ਦੀ 92 ਫੀਸਦੀ ਹੋਈ ਖਰੀਦ : ਡੀਸੀ
ਜ਼ਿਲੇ ’ਚ ਹੁਣ ਤੱਕ ਕਣਕ ਦੀ 92 ਫੀਸਦੀ ਹੋਈ ਖਰੀਦ: ਡਿਪਟੀ ਕਮਿਸ਼ਨਰ
Publish Date: Wed, 22 Apr 2026 05:19 PM (IST)
Updated Date: Wed, 22 Apr 2026 05:22 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹੇ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 442958 ਮੀਟਰਕ ਟਨ ਕਣਕ ਦੀ ਖਰੀਦ ਨਾਲ ਮੰਡੀਆਂ ਵਿਚ ਹੁਣ ਤੱਕ ਹੋਈ ਕਣਕ ਦੀ ਕੁੱਲ ਆਮਦ ਵਿੱਚੋਂ 92 ਫੀਸਦੀ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈਏਐੱਸ ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜ਼ੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 484100 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਮੰਗਲਵਾਰ ਸ਼ਾਮ ਤੱਕ ਲਗਭਗ 92 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ 72 ਘੰਟਿਆਂ ਵਿਚ ਲਿਫ਼ਟ ਕੀਤਾ ਜਾਣ ਵਾਲਾ 27 ਫੀਸਦੀ ਸਟਾਕ ਲਿਫ਼ਟ ਕੀਤਾ ਜਾ ਚੁੱਕਾ ਹੈ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ, ਜਦਕਿ ਅਧਿਕਾਰੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 714.68 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 138965 ਮੀਟਰਕ ਟਨ, ਮਾਰਕਫੈੱਡ ਵਲੋਂ 124001 ਮੀਟਰਕ ਟਨ, ਪਨਸਪ ਵਲੋਂ 117850 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 62142 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।