ਮਨੁੱਖੀ ਅਧਿਕਾਰਾਂ ਲਈ ਫਿਰੋਜ਼ਪੁਰ ’ਚ ਉਮੜਿਆ ਜਨਸੈਲਾਬ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫਿਰੋਜ਼ਪੁਰ : ਦਿੱਲੀ ਵਿਚ ਕੋਰੋਨਾ ਦੇ ਮਸੀਹੇ ਵਜੋਂ ਜਾਣੇ ਜਾਂਦੇ ‘ਸ਼ੰਟੀ ਭਾਈ’ ਜਦੋਂ ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਡਾ. ਜਤਿੰਦਰ ਸਿੰਘ ਸ਼ੰਟੀ ਬਣ ਕੇ ਫਿਰੋਜ਼ਪੁਰ ਆਏ ਤਾਂ ਮਨੁੱਖੀ ਅਧਿਕਾਰਾਂ ਲਈ ਫਰਿਆਦ ਕਰਨ ਵਾਲਿਆਂ ਦਾ ਜਿਵੇਂ ਹੜ੍ਹ ਹੀ ਆ ਗਿਆ ਹੋਵੇ। ਆਲਮ ਇਹ ਸੀ ਕਿ ਡੀਸੀ ਦਫ਼ਤਰ ਦੇ ਵੱਡੇ ਮੀਟਿੰਗ ਹਾਲ ਵਿੱਚ ਵੀ ਪੈਰ ਰੱਖਣ ਨੂੰ ਜਗ੍ਹਾ ਨਹੀਂ ਮਿਲ ਰਹੀ ਸੀ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਆਖਿਆ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ, ਵੱਖ-ਵੱਖ ਐੱਨਜੀਓਜ਼ ਦੇ ਨੁਮਾਇੰਦਿਆਂ, ਸਰਪੰਚਾਂ ਅਤੇ ਸਮਾਜ ਸੇਵੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਡਾ. ਸ਼ੰਟੀ ਨੇ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਬਣਾਇਆ ਜਾਵੇਗਾ, ਜਿਸ ਵਿੱਚ ਮਨੁੱਖੀ ਅਧਿਕਾਰ ਕਾਰਕੁੰਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਇਹ ਕੋਰ ਗਰੁੱਪ ਮਨੁੱਖੀ ਅਧਿਕਾਰਾਂ ਦੀ ਉਲੰਘਣਾ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ। ਡਾ. ਸ਼ੰਟੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਕਮਿਸ਼ਨ ਵੱਲੋਂ ਵਟਸਐਪ ਹੈਲਪਲਾਈਨ ਨੰਬਰ 98554-75547 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵਿਅਕਤੀ 24 ਘੰਟੇ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਵੀ ਮਨੁੱਖੀ ਅਧਿਕਾਰਾਂ ਦੀ ਪਾਲਣਾ ਲਾਜ਼ਮੀ ਹੈ ਅਤੇ ਕੋਈ ਵੀ ਹਸਪਤਾਲ ਬਕਾਇਆ ਫੀਸ ਦੇ ਨਾਂ ’ਤੇ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਹਵਾਲੇ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ। ਮੀਟਿੰਗ ਤੋਂ ਪਹਿਲਾਂ ਡਾ. ਜਤਿੰਦਰ ਸਿੰਘ ਸ਼ੰਟੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰ ਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਫਾਈ ਤੇ ਸਿਹਤ ਸੇਵਾਵਾਂ ਨੂੰ ਹੋਰ ਸੁਧਾਰਨ ਲਈ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਇਕ ਥਾਣੇ ਦਾ ਦੌਰਾ ਕਰ ਕੇ ਉੱਥੇ ਮੁੱਢਲੀਆਂ ਸਹੂਲਤਾਂ ਦੀ ਵੀ ਜਾਂਚ ਕੀਤੀ ਅਤੇ ਮਹਿਲਾ ਪਖਾਨੇ ਬਣਾਉਣ ਲਈ ਕਿਹਾ।
ਦੌਰੇ ਦੌਰਾਨ ਡਾ. ਸ਼ੰਟੀ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਐੱਸਡੀਐੱਮ ਅਭਿਸ਼ੇਕ ਸ਼ਰਮਾ, ਐੱਸਡੀਐੱਮ ਅਰਵਿੰਦਰਪਾਲ ਸਿੰਘ, ਐੱਸਡੀਐੱਮ ਬੇਅੰਤ ਸਿੰਘ ਸਿੱਧੂ, ਐੱਸਪੀ ਮਨਜੀਤ ਸਿੰਘ, ਆਰਟੀਏ ਤੁਸ਼ਿਤਾ ਗੁਲਾਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਰਪੰਚ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।