ਮਾਨ ਸਰਕਾਰ ਨੇ ਸ਼ਹਿਰਾਂ ਤੇ ਪਿੰਡਾਂ ਦਾ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ : ‘ਆਪ’ ਆਗੂ
ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪਿੰਡ ਨੀਲੇਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ
Publish Date: Sat, 28 Mar 2026 05:18 PM (IST)
Updated Date: Sat, 28 Mar 2026 05:20 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਇੱਥੋਂ ਦੇ ਪਿੰਡ ਨੀਲੇਵਾਲਾ ਵਿਖੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਪਿੰਡ ਦੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਅਗਵਾਈ ਹੇਠ ਪਿੰਡ ਦੇ ਪੰਚਾਇਤ ਘਰ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਬਲਦੇਵ ਸਿੰਘ ਗਿੱਲ ਬੂਈਆਂਵਾਲਾ, ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ ਇਕਬਾਲ ਸਿੰਘ ਢਿੱਲੋਂ, ਸਰਪੰਚ ਜੁਗਰਾਜ ਸਿੰਘ ਹਲਕਾ ਪ੍ਰਧਾਨ ਕਿਸਾਨ ਵਿੰਗ ਵਾੜਾ ਵਰਿਆਮ ਸਿੰਘ ਵਾਲਾ, ਸਰਪੰਚ ਪਰਮਜੀਤ ਸਿੰਘ ਗਿੱਲ ਪੀਹੇਵਾਲੀ, ਸਰਪੰਚ ਇਕਬਾਲ ਸਿੰਘ ਖੋਸਾ ਨੀਲੇਵਾਲਾ ਆਦਿ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਵੱਡੀ ਪੱਧਰ ਤੇ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪੰਜਾਬ ਵਾਸੀਆਂ ਨੂੰ ਵੱਡੀ ਪੱਧਰ ਤੇ ਲੋੜੀਂਦੀਆਂ ਮੁਫਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਬਲਦੇਵ ਸਿੰਘ ਗਿੱਲ ਬੂਈਆਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ, ਇਸ ਤੋਂ ਇਲਾਵਾ, ਪਿੰਡਾਂ ਦੇ ਗੰਦੇ ਪਾਣੀ ਦੇ ਨਿਪਟਾਰੇ ਲਈ ਥਾਪਰ ਪ੍ਰੋਜੈਕਟ ਵੀ ਚਲਾਏ ਗਏ ਹਨ ਅਤੇ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਲਈ ਜਲਦ ਹੀ ਜਿੰਮ ਅਤੇ ਲਾਇਬ੍ਰੇਰੀ ਬਣਾਈ ਜਾ ਰਹੀ ਹੈ, ਇਸ ਤੋਂ ਇਲਾਵਾ ਲੋੜਵੰਦਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਆਦਿ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਹੁਣ ਸਹੂਲਤਾਂ ਲੈਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਮਿਤੀ 31 ਮਾਰਚ ਦਿਨ ਮੰਗਲਵਾਰ ਨੂੰ ਪਿੰਡ ਦੇ ਪੰਚਾਇਤ ਘਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਵਾਲੇ ਕਾਰਡ ਬਣਾਏ ਜਾਣਗੇ,ਔਰਤਾਂ ਨੂੰ ਆਰਥਿਕ ਪੱਖੋਂ ਮਜਬੂਤ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਅਨਸੂਚਿਤ ਜਾਤੀ ਦੀਆਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1,500 ਪ੍ਰਤੀ ਮਹੀਨਾ ਲਈ ਜਾਤੀ ਸਰਟੀਫਿਕੇਟ ਬਣਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਲੈਣ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਆਗੂਆਂ ਵੱਲੋਂ ਸਿੱਧੇ ਤੌਰ ’ਤੇ ਪਿੰਡ ਆ ਕੇ ਉਨ੍ਹਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ ਨਾਲ ਉਨ੍ਹਾਂ ਦੀਆਂ ਸ਼ੰਕਾਵਾਂ ਦੂਰ ਹੋ ਗਈਆਂ ਹਨ। ਇਸ ਮੌਕੇ ਪੰਚਾਇਤ ਮੈਂਬਰ ਪ੍ਰਗਟ ਸਿੰਘ, ਜੋਬਨਜੀਤ ਸਿੰਘ, ਦਰਸ਼ਨ ਸਿੰਘ ਖੋਸਾ ਆਦਿ ਹਾਜ਼ਰ ਸਨ।