ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਘਰ ਬਾਹਰ ‘ਆਪ’ ਦਾ ਰੋਸ ਪ੍ਰਦਰਸ਼ਨ
ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਘਰ ਬਾਹਰ ‘ਆਪ’ ਦਾ ਰੋਸ਼ ਪ੍ਰਦਰਸ਼ਨ
Publish Date: Sun, 10 May 2026 04:40 PM (IST)
Updated Date: Sun, 10 May 2026 04:42 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਐਤਵਾਰ ਨੂੰ ਅਬੋਹਰ ਦੇ ਸੁਭਾਸ਼ ਨਗਰ ਵਿੱਚ ਸੁਨੀਲ ਜਾਖੜ ਦੇ ਘਰ ਦੇ ਬਾਹਰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕੀਤਾ ਗਿਆ। ਪਾਰਟੀ ਆਗੂਆਂ ਨੇ ਕੇਂਦਰ ਸਰਕਾਰ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ। ਪ੍ਰਦਰਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ, ਜਲਾਲਾਬਾਦ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਕੰਬੋਜ ਅਤੇ ਅਬੋਹਰ ਹਲਕੇ ਦੇ ਇੰਚਾਰਜ ਅਰੁਣ ਨਾਰੰਗ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਦੌਰਾਨ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਭਾਜਪਾ ਸਰਕਾਰ ‘ਤੇ ਸਿਆਸੀ ਦਬਾਅ ਬਣਾਉਣ ਦੇ ਦੋਸ਼ ਲਗਾਏ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਨਰਿੰਦਰ ਪਾਲ ਸਵਨਾ ਨੇ ਕਿਹਾ ਕਿ ਕੇਂਦਰ ਸਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ‘ਆਪ’ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਲਈ ਲਗਾਤਾਰ ਛਾਪੇਮਾਰੀ ਅਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਪਰ ਪਾਰਟੀ ਇਨ੍ਹਾਂ ਦਬਾਅ ਅੱਗੇ ਨਹੀਂ ਝੁਕੇਗੀ। ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੂੰ ਪਹਿਲਾਂ ਵੀ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਹੋਈ ਸੀ, ਪਰ ਅਦਾਲਤਾਂ ਨੇ ਵਾਰ-ਵਾਰ ਸੱਚਾਈ ਸਾਹਮਣੇ ਲਿਆਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ ਅਤੇ ਭਾਜਪਾ ਦੀਆਂ ਧੱਕੇਸ਼ਾਹੀ ਵਾਲੀਆਂ ਚਾਲਾਂ ਦਾ ਜਵਾਬ ਦੇਵੇਗੀ। ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਨਹੀਂ ਦੇਵੇਗੀ। ਉੱਥੇ ਹੀ ਅਮਨਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣੀ ਚਾਹੀਦੀ ਹੈ ਅਤੇ ਸੂਬੇ ਦੇ ਬਕਾਇਆ ਫੰਡ ਜਾਰੀ ਕਰਵਾਉਣ ਲਈ ਯਤਨ ਕਰਨੇ ਚਾਹੀਦੇ ਹਨ।ਪ੍ਰਦਰਸ਼ਨ ਦੇ ਅੰਤ ‘ਤੇ ਆਗੂਆਂ ਨੇ ਵਰਕਰਾਂ ਨੂੰ ਸੰਗਠਨ ਮਜ਼ਬੂਤ ਕਰਨ ਅਤੇ ਜਨਤਕ ਮੁੱਦਿਆਂ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ।