ਸਪੈਸ਼ਲ ਇੰਟੈਂਸਿਵ ਰਿਵੀਜ਼ਨ ਫੇਜ-3 ਤਹਿਤ ਵੋਟਰ ਸੂਚੀਆਂ ਦੀ ਮੁੜ ਸਮੀਖਿਆ ਸਬੰਧੀ ਕਾਰਵਾਈ ਜਾਰੀ : ਡਿਪਟੀ ਕਮਿਸ਼ਨਰ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਫੇਜ-3 (ਐਸ.ਆਈ.ਆਰ) ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰੀ-ਐੱਸਆਈਆਰ ਵੋਟਰ ਮੈਪਿੰਗ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਮਿਤੀ 29 ਮਈ 2026 ਤੱਕ ਲਗਭਗ 86.49 ਫੀਸਦੀ ਮੈਪਿੰਗ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਦੇ ਕੁੱਲ 7,19,051 ਵੋਟਰਾਂ ਵਿੱਚੋਂ 6,21,874 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕੀਤਾ ਜਾ ਚੁੱਕਾ ਹੈ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ 75-ਜ਼ੀਰਾ ਵਿਚ ਐੱਸਡੀਐੱਮ ਜ਼ੀਰਾ, 76-ਫ਼ਿਰੋਜ਼ਪੁਰ (ਸ਼ਹਿਰੀ) ਵਿਚ ਐੱਸਡੀਐੱਮ ਫ਼ਿਰੋਜ਼ਪੁਰ, 77-ਫ਼ਿਰੋਜ਼ਪੁਰ (ਦਿਹਾਤੀ) ਵਿਚ ਏਡੀਸੀ (ਜ) ਫ਼ਿਰੋਜ਼ਪੁਰ ਅਤੇ 78-ਗੁਰੂਹਰਸਹਾਏ ਵਿਚ ਐੱਸਡੀਐੱਮ ਗੁਰੂਹਰਸਹਾਏ ਬਤੌਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡਿਊਟੀ ਨਿਭਾ ਰਹੇ ਹਨ। ਜ਼ਿਲ੍ਹੇ ਵਿਚ ਕੁੱਲ 903 ਪੋਲਿੰਗ ਬੂਥ, 903 ਬੀਐੱਲਓਜ਼ ਅਤੇ 91 ਸੈਕਟਰ ਅਫ਼ਸਰ ਤੈਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਈਆਰਓਜ, ਏਈਆਰਓਜ, ਸੁਪਰਵਾਈਜ਼ਰ, ਅਤੇ ਬੀਐੱਲਓਜ, ਨੂੰ ਟਰੇਨਿੰਗ ਅਤੇ ਇਨੂਮਰੇਸ਼ਨ ਫਾਰਮ ਦੀ ਡਾਊਨਲੋਡਿੰਗ ਅਤੇ ਪ੍ਰਿੰਟਿੰਗ ਦਾ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀ-ਪ੍ਰਿੰਟਡ ਇਨੂਮਰੇਸ਼ਨ ਫਾਰਮ ਦੀ ਦੋ ਪਰਤਾਂ ਵਿਚ ਵੰਡ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾਵੇਗੀ। ਬੀਐੱਲਓਜ਼ ਵੱਲੋਂ ਇਕ ਪਰਤ ਵਿਚ ਵੋਟਰ ਦੀ ਜਾਣਕਾਰੀ, ਫੋਟੋ ਅਤੇ 2003 ਦੀ ਵੋਟਰ ਸੂਚੀ ਵਿੱਚ ਦਰਜ ਵੇਰਵੇ ਭਰੇ ਜਾਣਗੇ ਅਤੇ ਇਸ ਨੂੰ ਸਬੰਧਤ ਈਆਰਓ ਦਫ਼ਤਰ ਵਿਚ ਜਮ੍ਹਾ ਕਰਵਾਇਆ ਜਾਵੇਗਾ, ਜਦਕਿ ਦੂਜੀ ਪਰਤ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੂਹ ਈਆਰਓ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਈਜੇਸ਼ਨ ਮਿਤੀ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ 2026 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਮਿਤੀ 31 ਜੁਲਾਈ 2026 ਤੋਂ 30 ਅਕਤੂਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਮਿਤੀ 28 ਸਤੰਬਰ 2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 01 ਅਕਤੂਬਰ 2026 ਨੂੰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜਨ ਦੇ ਹਰੇਕ ਪੜਾਅ ਵਿਚ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਐਸ ਆਈਆਰ ਦੌਰਾਨ ਬੀਐਲਏ ਲਗਭਗ 50 ਇਨੂਮਰੇਸ਼ਨ ਫਾਰਮ ਪ੍ਰਤੀ ਦਿਨ ਬੀਐਲਓ ਕੋਲ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਬੀਐੱਲਓ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਵੋਟਰ ਸੂਚੀਆਂ ਨਾਲ ਜੋੜਿਆ ਗਿਆ ਹੈ ਤਾਂ ਜੋ ਪੁਰਾਣੇ ਰਿਕਾਰਡ ਲੱਭਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਹੋਰ ਦੱਸਿਆ ਕਿ ਬੀਐੱਲਓ ਘਰ-ਘਰ ਜਾ ਕੇ ਵੋਟਰਾਂ ਤੋਂ ਫਾਰਮ ਭਰਵਾਉਣਗੇ ਅਤੇ ਫਾਰਮ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਨਾਲ ਤਿੰਨ ਵਾਰ ਸੰਪਰਕ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਐੱਸਆਈਆਰ ਦੌਰਾਨ ਆਧਾਰ ਕਾਰਡ ਨੂੰ ਕੇਵਲ ਪਹਿਚਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਪਹਿਚਾਣ ਦੇ ਸਬੂਤ ਵਜੋਂ।