ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਾ. ਅਮਨਦੀਪ ਕੌਰ
ਏਡੀਸੀ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼
Publish Date: Tue, 05 May 2026 04:58 PM (IST)
Updated Date: Tue, 05 May 2026 04:59 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ ’ਤੇ ਅਤੇ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੋਰਟਲ ਰਾਹੀਂ ਵਪਾਰੀ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੇ ਹਨ ਅਤੇ ਜ਼ਿਲ੍ਹੇ ਨਾਲ ਸਬੰਧਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਜਲਦ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ ’ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ, ਇਸ ਲਈ ਕਿਸੇ ਵੀ ਮਾਮਲੇ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ ਵਿਚ ਟਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ, ਸੀਵਰੇਜ ਸਿਸਟਮ, ਡੀਸਿਲਟਿੰਗ, ਪੀਣ ਵਾਲੇ ਪਾਣੀ ਦੀ ਯੋਗ ਸਪਲਾਈ ਅਤੇ ਸੈਂਪਲਿੰਗ, ਫੌਗਿੰਗ ਆਦਿ ਯਕੀਨੀ ਬਣਾਉਣ ਲਈ ਵੀ ਸੰਬੰਧਤ ਅਧਿਕਾਰੀਆਂ ਨੂੰ ਖਾਸ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਐੱਸਡੀਐੱਮ ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐੱਸਡੀਐੱਮ ਗੁਰੂਹਰਸਹਾਏ ਬੇਅੰਤ ਸਿੰਘ ਸਿੱਧੂ, ਐੱਸਪੀ (ਐੱਚ) ਧਰਮਵੀਰ ਸਿੰਘ, ਤਹਿਸੀਲਦਾਰ ਸੁਖਵੀਰ ਕੌਰ, ਰਾਕੇਸ਼ ਕੁਮਾਰ ਏਟੀਓ, ਐੱਸਡੀਓ ਮੰਡੀ ਬੋਰਡ ਕੇਵਲ ਕ੍ਰਿਸ਼ਨ ਸ਼ਰਮਾ, ਜੀਐੱਮ ਰੋਡਵੇਜ਼ ਅਮਿਤ ਅਰੋੜਾ, ਸੁਖਦੇਵ ਸਿੰਘ ਜੋਸਨ ਚੇਅਰਮੈਨ, ਹਰਪ੍ਰੀਤ ਸਿੰਘ ਸੋਢੀ ਚੇਅਰਮੈਨ ਸਮੇਤ ਹੋਰ ਸਮੂਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।