ਨਾਮਜ਼ਦਗੀਆਂ ਰੱਦ ਹੋਣ ’ਤੇ ਅਕਾਲੀ ਦਲ ਤੇ ਕਾਂਗਰਸ ਦਾ ਐਸਡੀਐਮ ਦਫ਼ਤਰ ਅੱਗੇ ਧਰਨਾ
ਨਾਮਜ਼ਦਗੀਆਂ ਰੱਦ ਹੋਣ ’ਤੇ ਅਕਾਲੀ ਦਲ ਤੇ ਕਾਂਗਰਸ ਦਾ ਐਸਡੀਐਮ ਦਫ਼ਤਰ ਅੱਗੇ ਧਰਨਾ
Publish Date: Tue, 19 May 2026 04:57 PM (IST)
Updated Date: Tue, 19 May 2026 05:00 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਐਸਡੀਐਮ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸੱਤਾਧਾਰੀ ਸਰਕਾਰ ’ਤੇ ਜਾਣਬੁੱਝ ਕੇ ਵਿਰੋਧੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਦੋਸ਼ ਲਗਾਏ। 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਪ੍ਰਸ਼ਾਸਨ ਵੱਲੋਂ ਕੁੱਲ 18 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਅੱਠ ਕਾਂਗਰਸੀ ਅਤੇ ਸੱਤ ਅਕਾਲੀ ਦਲ ਦੇ ਉਮੀਦਵਾਰ ਸ਼ਾਮਲ ਹਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਸੀਨੀਅਰ ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਉਨ੍ਹਾਂ ਨੇ ਐਸਡੀਐਮ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੇ ਮੁਤਾਬਕ ਐਸਡੀਐਮ ਨੇ ਕੁਝ ਗਲਤੀਆਂ ਮੰਨਦਿਆਂ ਅਗਲੇ ਦਿਨ ਸੁਧਾਰ ਦਾ ਭਰੋਸਾ ਦਿੱਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਸਹੀ ਹਨ। ਪਰ ਦੇਰ ਰਾਤ ਜਾਰੀ ਕੀਤੀ ਗਈ ਸੂਚੀ ਵਿੱਚੋਂ ਅੱਠ ਕਾਂਗਰਸੀ ਉਮੀਦਵਾਰਾਂ ਦੇ ਨਾਮ ਹਟਾ ਦਿੱਤੇ ਗਏ, ਜਿਸ ਨਾਲ ਪਾਰਟੀ ਵਿੱਚ ਰੋਸ ਫੈਲ ਗਿਆ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੈਰੀ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਜਾਣਬੁੱਝ ਕੇ ਸੱਤ ਅਕਾਲੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਹਨ, ਜਦਕਿ ਉਨ੍ਹਾਂ ਦੀਆਂ ਫਾਈਲਾਂ ਵਿੱਚ ਕੋਈ ਵੀ ਕਮੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦ ਤੱਕ ਰੱਦ ਕੀਤੀਆਂ ਨਾਮਜ਼ਦਗੀਆਂ ਨੂੰ ਮੁੜ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਧਰਨੇ ਦੌਰਾਨ ਹਰਵਿੰਦਰ ਸਿੰਘ ਹੈਰੀ, ਸੁਰੇਸ਼ ਸਤੀਜਾ, ਹਰਪਾਲ ਸੰਧੂ, ਬੱਬਲ ਬੁੱਟਰ, ਕੁਲਦੀਪ ਕੰਬੋਜ, ਸੁਨੀਲ ਹਾਂਡਾ, ਸਾਹਿਲ ਛਾਬੜਾ, ਹਰਪ੍ਰੀਤ ਸਿੰਘ ਸਿੱਧੂ, ਸੁਧੀਰ ਭਾਦੂ, ਸੁਭਾਸ਼ ਬਾਘਲਾ, ਰਜਿੰਦਰ ਕੌਰ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।