ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਨੇ ਘੇਰਿਆ ਬਿਜਲੀ ਬੋਰਡ ਦਾ ਦਫ਼ਤਰ
ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਨੇ ਘੇਰਿਆ ਬਿਜਲੀ ਬੋਰਡ ਦਾ ਦਫ਼ਤਰ
Publish Date: Thu, 30 Apr 2026 08:01 PM (IST)
Updated Date: Thu, 30 Apr 2026 08:04 PM (IST)

ਸਟਾਫ ਰਿਪੋਰਟਰ , ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਫਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਵਿਚ ਬਿਜਲੀ ਬੋਰਡ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਦੌਰਾਨ ਅਕਾਲੀ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਦੀ ਮੌਜ਼ੂਦਾ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸੂਬੇ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਵਪਾਰੀ, ਮਜ਼ਦੂਰ ਅਤੇ ਆਮ ਜਨਤਾ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ, ਜਦਕਿ ਸਰਕਾਰ ਸਿਰਫ਼ ਕਾਗਜ਼ੀ ਦਾਅਵਿਆਂ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਅੱਜ ਵੀਰਵਾਰ ਨੂੰ ਫਿਰੋਜ਼ਪੁਰ ਦੇ ਬਿਜਲੀ ਦਫ਼ਤਰ ਮੂਹਰੇ ਇਕੱਠੇ ਹੋਏ ਸੈਂਕੜੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਬਿਜਲੀ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦਿਨ ਅਤੇ ਰਾਤ ਨੂੰ ਲੱਗ ਰਹੇ 5 ਤੋਂ 10 ਘੰਟਿਆਂ ਦੇ ਕੱਟਾਂ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਨੌਕਰੀਪੇਸ਼ਾ ਲੋਕਾਂ ਅਤੇ ਵਿਦਿਆਰਥੀਆਂ ਲਈ ਵੀ ਇਹ ਸਥਿਤੀ ਅਸਹਿ ਹੁੰਦੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਉਪਕਾਰ ਸਿੰਘ, ਨਰਿੰਦਰ ਸਿੰਘ ਜੋਸਨ , ਬਲਕਾਰ ਢਿੱਲੋਂ, ਗੁਰਨੈਬ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਭੁੱਲਰ ਸਾਬਕਾ ਐੱਮਸੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਵਨੀਤ ਗੋਰਾ, ਕੁਲਵਿੰਦਰ ਸਿੰਘ ਢੋਲੇਵਾਲੀਆ, ਬਲਵਿੰਦਰ ਸਿੰਘ, ਨੰਨੂ ਹਾਂਡਾ, ਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀਸੀ ਸੈੱਲ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ, ਦੇਸ ਰਾਜ, ਸੁਰਿੰਦਰ ਕੰਡੇਅਵਾਲਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਧਰਨੇ ਦੇ ਅੰਤ ਵਿਚ ਅਕਾਲੀ ਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਉਹ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਗੇ।