ਰਾਧਾ ਸਵਾਮੀ ਕਲੋਨੀ ਵਿੱਚ ਐਂਟੀ ਲਾਰਵਾ ਮੁਹਿੰਮ ਤੇਜ਼, ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ
ਕਪਿਲ ਜਸੂਜਾ, ਪੰਜਾਬੀ ਜਾਗਰਣ
ਫਾਜ਼ਿਲਕਾ : ਸਿਵਿਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਮਹਾਮਾਰੀ ਅਫਸਰ ਡਾ. ਸੁਨੀਤਾ ਕੰਬੋਜ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਫਾਜ਼ਿਲਕਾ ਦੀ ਰਾਧਾ ਸਵਾਮੀ ਕਾਲੋਨੀ ਵਿੱਚ ਵਿਆਪਕ ਪੱਧਰ ’ਤੇ ਐਂਟੀ ਲਾਰਵਾ ਸਰਗਰਮੀਆਂ ਚਲਾਈਆਂ ਗਈਆਂ। ਇਸ ਦੌਰਾਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਅਤੇ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕੀਤੀ। ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫਰਿਜ਼ ਦੀਆਂ ਟਰੇਆਂ, ਗਮਲਿਆਂ ਅਤੇ ਹੋਰ ਥਾਵਾਂ ਨੂੰ ਖ਼ਾਸ ਤੌਰ ’ਤੇ ਚੈੱਕ ਕੀਤਾ ਗਿਆ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਵਰਗੀ ਖਤਰਨਾਕ ਬਿਮਾਰੀ ਤੋਂ ਲੋਕਾਂ ਨੂੰ ਬਚਾਉਣਾ ਅਤੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲਾਰਵਾ ਮਿਲਿਆ, ਉੱਥੇ ਤੁਰੰਤ ਨਸ਼ਟ ਕੀਤਾ ਗਿਆ ਅਤੇ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਪਾਣੀ ਵਾਲੀਆਂ ਚੀਜ਼ਾਂ ਨੂੰ ਖਾਲੀ ਕਰ ਕੇ ਸਾਫ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਛੋਟੇ ਬਰਤਨ, ਟਾਇਰ, ਫੁੱਲਦਾਨ ਅਤੇ ਛੱਤਾਂ ’ਤੇ ਪਈਆਂ ਚੀਜ਼ਾਂ ਵਿੱਚ ਪਾਣੀ ਇਕੱਠਾ ਹੋਣ ਨਾਲ ਮੱਛਰ ਤੇਜ਼ੀ ਨਾਲ ਵੱਧਦੇ ਹਨ। ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਅਤੇ ਜੋੜਾਂ ਵਿੱਚ ਦਰਦ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸਲਾਹ ਦਿੱਤੀ ਕਿ ਲੱਛਣ ਨਜ਼ਰ ਆਉਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਅਧਿਕਾਰੀਆਂ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਮੱਛਰਾਂ ਦੀ ਪੈਦਾਵਾਰ ਰੋਕਣਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਲਈ ਹਰ ਸ਼ੁੱਕਰਵਾਰ, ਸੁੱਕਾ ਦਿਵਸ ਮਨਾਉਂਦੇ ਹੋਏ ਘਰਾਂ ਵਿੱਚ ਪਾਣੀ ਵਾਲੀਆਂ ਸਾਰੀਆਂ ਚੀਜ਼ਾਂ ਨੂੰ ਖਾਲੀ ਅਤੇ ਸਾਫ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਗਾਉਣ ਵਾਲੀਆਂ ਦਵਾਈਆਂ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਗਈ। ਸਿਹਤ ਵਿਭਾਗ ਨੇ ਦੱਸਿਆ ਕਿ ਡੇਂਗੂ ਇੱਕ ਰੋਕਥਾਮ ਯੋਗ ਬਿਮਾਰੀ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਇਸ ’ਤੇ ਕਾਬੂ ਪਾਇਆ ਜਾ ਸਕਦਾ ਹੈ। ਵਿਭਾਗ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਮਾਸ ਮੀਡੀਆ ਬ੍ਰਾਂਚ ਦੇ ਦਿਵੇਸ਼ ਕੁਮਾਰ, ਵਿਕੀ ਕੁਮਾਰ, ਮਨਜੋਤ ਸਿੰਘ, ਦੀਪਕ ਸ਼ਰਮਾ ਸਮੇਤ ਹੋਰ ਸਿਹਤ ਕਰਮਚਾਰੀ ਅਤੇ ਬ੍ਰੀਡਿੰਗ ਚੈਕਰ ਆਦਿ ਹਾਜ਼ਰ ਸਨ।