ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ
ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ
Publish Date: Sat, 16 May 2026 03:30 PM (IST)
Updated Date: Sat, 16 May 2026 03:33 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ‘ਕੌਮੀ ਡੇਂਗੂ ਦਿਵਸ’ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਲੋਕਾਂ ਨੂੰ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਢੁੱਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਰੋਕਥਾਮ ਅਤੇ ਨਿਯੰਤਰਣ ਉਪਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਰਹਿਣ ਲਈ ਕਿਹਾ। ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ 16 ਮਈ ਨੂੰ ‘ਕੌਮੀ ਡੇਂਗੂ ਦਿਵਸ’ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਡੇਂਗੂ ਬੁਖਾਰ ਦੇ ਲੱਛਣਾਂ, ਕਾਰਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ। ਡੇਂਗੂ ਦੇ ਆਮ ਲੱਛਣ ਤੇਜ਼ ਬੁਖਾਰ, ਸਰੀਰ ਵਿਚ ਦਰਦ, ਪੇਟ ਦਰਦ, ਉਲਟੀਆਂ ਆਉਣਾ, ਮਸੂੜਿਆਂ ਚੋਂ ਖੂਨ ਆਉਣਾ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਹੋਣਾ ਹਨ। ਜੇਕਰ ਕਿਸੇ ਵਿਅਕਤੀ ਨੂੰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕਰਕੇ ਆਪਣੀ ਸਿਹਤ-ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ।