ਆਈਟੀਆਈ ਫਿਰੋਜ਼ਪੁਰ ਵਿਖੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ
ਆਈਟੀਆਈ ਫਿਰੋਜ਼ਪੁਰ ਵਿਖੇ ਅਪ੍ਰੈਂਟਿਸਸ਼ਿਪ ਮੇਲੇ ਦਾ ਸ਼ਾਨਦਾਰ ਆਯੋਜਨ
Publish Date: Tue, 12 May 2026 04:55 PM (IST)
Updated Date: Tue, 12 May 2026 04:57 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈਟੀਆਈ) ਵਿਖੇ ਪ੍ਰਿੰਸੀਪਲ-ਕਮ-ਡਿਪਟੀ ਡਾਇਰੈਕਟਰ ਹਰਦੀਪ ਕੁਮਾਰ ਦੀ ਅਗਵਾਈ ਹੇਠ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਗਿਆ। ਇਸ ਮੌਕੇ ਕੁੱਲ 63 ਸਿਖਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 24 ਸਿਖਿਆਰਥੀਆਂ ਨੂੰ ਵੱਖ-ਵੱਖ ਪ੍ਰਸਿੱਧ ਉਦਯੋਗਾਂ ਵੱਲੋਂ ਸ਼ਾਰਟਲਿਸਟ ਕੀਤਾ ਗਿਆ। ਇਸ ਮੌਕੇ ਹਰਦੀਪ ਕੁਮਾਰ ਨੇ ਕਿਹਾ ਕਿ ਅਪ੍ਰੈਂਟਿਸਸ਼ਿਪ ਮੇਲੇ ਵਿਦਿਆਰਥੀਆਂ ਨੂੰ ਉਦਯੋਗਿਕ ਦੁਨੀਆ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਨੇ ਸ਼ਾਰਟਲਿਸਟ ਹੋਏ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟਰੇਨਿੰਗ ਅਫਸਰ ਰਾਜੇਸ਼ ਕੁਮਾਰ ਨੇ ਵੀ ਸਿਖਿਆਰਥੀਆਂ ਨੂੰ ਅਪ੍ਰੈਂਟਿਸਸ਼ਿਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਪਰੈਂਡਸ਼ਿਪ ਰਾਹੀਂ ਵਿਦਿਆਰਥੀਆਂ ਨੂੰ ਉਦਯੋਗਾਂ ਵਿਚ ਪ੍ਰੈਕਟੀਕਲ ਤਜਰਬਾ ਮਿਲਦਾ ਹੈ, ਜਿਸ ਨਾਲ ਉਹ ਭਵਿੱਖ ਵਿਚ ਵਧੀਆ ਰੋਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਅਤੇ ਤਕਨੀਕੀ ਸਿੱਖਿਆ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸੰਸਥਾ ਵੱਲੋਂ ਮੇਲੇ ਵਿੱਚ ਭਾਗ ਲੈਣ ਵਾਲੀਆਂ ਉਦਯੋਗਿਕ ਇਕਾਈਆਂ ਅਤੇ ਸਿਖਿਆਰਥੀਆਂ ਦਾ ਧੰਨਵਾਦ ਕੀਤਾ ਗਿਆ।