‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਤਹਿਤ ਸਕੂਲਾਂ ’ਚ ਕੀਤਾ ਜਾਗਰੂਕ
ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ
Publish Date: Fri, 15 May 2026 05:17 PM (IST)
Updated Date: Fri, 15 May 2026 05:18 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਤਹਿਤ ਅਰਬਨ ਫਾਜ਼ਿਲਕਾ ਦੇ ਸਕੂਲਾਂ ਵਿੱਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਮੁਹਿੰਮ ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਨਿਗਰਾਨੀ ਅਤੇ ਡਾ. ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਦੇਖ-ਰੇਖ ਹੇਠ ਚਲਾਈ ਗਈ। ਸਿਹਤ ਟੀਮਾਂ ਵੱਲੋਂ ਸਕੂਲਾਂ ਵਿੱਚ ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।ਡਾ. ਕਵਿਤਾ ਸਿੰਘ ਨੇ ਕਿਹਾ ਕਿ ਸਾਵਧਾਨੀਆਂ ਅਤੇ ਜਾਗਰੂਕਤਾ ਨਾਲ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਡਾ. ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਗਮਲਿਆਂ ਦੀਆਂ ਟ੍ਰੇਆਂ ਅਤੇ ਹੋਰ ਥਾਵਾਂ ’ਤੇ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣ ਦੀ ਸਲਾਹ ਵੀ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਬੁਖਾਰ ਹੋਣ ਦੀ ਸਥਿਤੀ ਵਿੱਚ ਐਸਪਰੀਨ ਜਾਂ ਬਰੂਫਿਨ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸਿਰਫ਼ ਪੈਰਾਸੀਟਾਮੋਲ ਹੀ ਲਈ ਜਾਵੇ। ਲੋਕਾਂ ਨੂੰ ਵੱਧ ਤਰਲ ਪਦਾਰਥ ਲੈਣ ਅਤੇ ਸੰਤੁਲਿਤ ਭੋਜਨ ਖਾਣ ਦੀ ਸਲਾਹ ਦਿੱਤੀ ਗਈ। ਮਾਸ ਮੀਡੀਆ ਵਿੰਗ ਦੇ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਵਿੱਕੀ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ’ਤੇ ਦਾਣੇ ਜਾਂ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਆਉਣ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਟੈਸਟ ਅਤੇ ਇਲਾਜ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਮੌਕੇ ਸਕੂਲ ਸਟਾਫ, ਵਿਦਿਆਰਥੀਆਂ, ਸੁਖਦੇਵ ਸਿੰਘ, ਐਲ.ਟੀ. ਸੁਨੀਤਾ ਕੰਬੋਜ, ਸਵਰਨ ਸਿੰਘ, ਗੁਰਜੰਟ ਸਿੰਘ ਅਤੇ ਨਰਸਿੰਗ ਸਟੂਡੈਂਟ ਵੀ ਮੌਜੂਦ ਸਨ।