ਮਲੇਰੀਆ ਵਿਰੁੱਧ ਜਾਗਰੂਕਤਾ ਮੁਹਿੰਮ ਅੱਜ ਤੋਂ
ਵਿਸ਼ਵ ਮਲੇਰੀਆ ਦਿਵਸ ਤੇ 24 ਤੋਂ 28 ਅਪ੍ਰੈਲ ਤੱਕ ਜਾਗਰੂਕਤਾ ਅਭਿਆਨ ਚਲਾਇਆ ਗਿਆ
Publish Date: Fri, 24 Apr 2026 03:44 PM (IST)
Updated Date: Fri, 24 Apr 2026 03:46 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਦੇਖ ਰੇਖ ਵਿੱਚ 24 ਅਪ੍ਰੈਲ ਤੋਂ 28 ਅਪ੍ਰੈਲ ਤੱਕ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਪਿੰਡਾਂ, ਸਲਮ ਇਲਾਕਿਆਂ ਅਤੇ ਮਾਈਗ੍ਰੇਟਰੀ ਆਬਾਦੀ ਵਿੱਚ ਵਿਸ਼ੇਸ਼ ਤੌਰ ਤੇ ਟੀਮਾਂ ਭੇਜ ਕੇ ਲੋਕਾਂ ਨੂੰ ਮਲੇਰੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਮਲੇਰੀਆ ਦੇ ਰੋਕਥਾਮ ਅਤੇ ਸਮੇਂ ‘ਤੇ ਇਲਾਜ ਬਾਰੇ ਲੋਕਾਂ ਨੂੰ ਸਚੇਤ ਕਰਨਾ ਹੈ। ਸਿਹਤ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਸਮਝਾਉਣ ਅਤੇ ਜਿੱਥੇ ਵੀ ਸ਼ੱਕੀ ਬੁਖਾਰ ਦੇ ਮਰੀਜ਼ ਮਿਲਣ, ਉਨ੍ਹਾਂ ਦਾ ਤੁਰੰਤ ਟੈਸਟ ਕੀਤਾ ਜਾਵੇ। ਇਸ ਦੌਰਾਨ ਆਰ.ਡੀ.ਟੀ. ਕਿੱਟਾਂ ਰਾਹੀਂ ਮਲੇਰੀਆ ਦੇ ਸੈਂਪਲ ਵੀ ਲਏ ਜਾ ਰਹੇ ਹਨ। ਜਿਲਾ ਮਹਾਮਾਰੀ ਅਫਸਰ ਡਾ. ਸੁਨੀਤਾ ਕੰਬੋਜ ਨੇ ਦੱਸਿਆ ਹੈ ਕਿ ਮਲੇਰੀਆ ਇੱਕ ਸੰਕਰਾਮਕ ਬਿਮਾਰੀ ਹੈ ਜੋ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਲਈ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫਾਈ ਰੱਖਣ, ਖੜ੍ਹਾ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਮੱਛਰਦਾਨੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਖ਼ਾਸ ਕਰਕੇ ਰਾਤ ਸਮੇਂ ਪੂਰੇ ਸਰੀਰ ਨੂੰ ਢੱਕ ਕੇ ਸੌਣਾ ਅਤੇ ਮੱਛਰ ਭਗਾਉਣ ਵਾਲੇ ਉਪਕਰਣ ਵਰਤਣਾ ਬਹੁਤ ਜ਼ਰੂਰੀ ਹੈ।