ਬਲੱਡ ਪ੍ਰੈਸ਼ਰ ਦੀ ਜਾਂਚ ਤੇ ਇਸਨੂੰ ਕੰਟਰੋਲ ’ਚ ਰੱਖਣਾ ਜ਼ਰੂਰੀ : ਡਾ. ਕਵਿਤਾ ਸਿੰਘ
ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਜਾਗਰੂਕਤਾ ਸਮਾਗਮ
Publish Date: Mon, 18 May 2026 04:29 PM (IST)
Updated Date: Mon, 18 May 2026 04:30 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖਰੇਖ ਹੇਠ ਵਿਸ਼ਵ ਹਾਈਪਰਟੈਂਸ਼ਨ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕਰਵਾਇਆ ਗਿਆ। ਇਸ ਮੌਕੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਵੀ ਜਾਰੀ ਕੀਤਾ ਗਿਆ। ਡਾ. ਕਵਿਤਾ ਸਿੰਘ ਨੇ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਤੋਂ ਬਚਾਅ ਲਈ ਸਮੇਂ-ਸਮੇਂ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣੀ ਅਤੇ ਇਸਨੂੰ ਕੰਟਰੋਲ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੇ ਨੁਕਸਾਨਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਚੈਕਅੱਪ ਕੈਂਪ ਵੀ ਲਗਾਏ ਜਾਣਗੇ। ਡਾ. ਅਭੀਨਵ ਸਚਦੇਵਾ ਅਤੇ ਡਾ. ਗਾਇਤਰੀ ਪੁਜਾਰਾ ਨੇ ਦੱਸਿਆ ਕਿ ਹਰੇਕ ਵਿਅਕਤੀ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ। ਜੇ ਬਲੱਡ ਪ੍ਰੈਸ਼ਰ ਵੱਧ ਆਵੇ ਤਾਂ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਨਿਯਮਿਤ ਤੌਰ ‘ਤੇ ਲੈਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਨਮਕ, ਚੀਨੀ, ਤਲੀਆਂ ਚੀਜ਼ਾਂ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰਨ, ਭਾਰ ਕੰਟਰੋਲ ਵਿੱਚ ਰੱਖਣ, ਸੈਰ, ਯੋਗਾ ਅਤੇ ਕਸਰਤ ਕਰਨ ਦੀ ਸਲਾਹ ਦਿੱਤੀ। ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਅੱਜਕੱਲ੍ਹ ਬੱਚੇ ਵੀ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਬਚਪਨ ਤੋਂ ਹੀ ਬੱਚਿਆਂ ਵਿੱਚ ਸਿਹਤਮੰਦ ਖਾਣ-ਪੀਣ ਅਤੇ ਸੈਰ ਦੀ ਆਦਤ ਵਿਕਸਿਤ ਕਰਨੀ ਚਾਹੀਦੀ ਹੈ। ਇਸ ਮੌਕੇ ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਵੀ ਲੋਕਾਂ ਨੂੰ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਡਾ. ਰਾਜਵੀਰ ਕੰਬੋਜ਼, ਸੁਖਦੇਵ ਸਿੰਘ, ਮੋਹਿਤ ਤੇ ਹੋਰ ਸਿਹਤ ਕਰਮਚਾਰੀ ਵੀ ਮੌਜੂਦ ਸਨ।