ਵਿਸ਼ਵ ਜਿਗਰ ਦਿਵਸ ਦੇ ਮੌਕੇ ਪ੍ਰਚਾਰ ਪ੍ਰਸਾਰ ਸਮਗਰੀ ਜਾਰੀ
ਵਿਸ਼ਵ ਜਿਗਰ ਦਿਵਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਜਾਗਰੂਕਤਾ ਪ੍ਰੋਗਰਾਮ ਹੋਇਆ
Publish Date: Mon, 20 Apr 2026 04:21 PM (IST)
Updated Date: Mon, 20 Apr 2026 04:24 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਹੇਠ, ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਵਿਸ਼ਵ ਜਿਗਰ ਦਿਵਸ ਦੇ ਮੌਕੇ ਪ੍ਰਚਾਰ ਪ੍ਰਸਾਰ ਸਮਗਰੀ ਜਾਰੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਵਿਸ਼ਵ ਜਿਗਰ (ਲੀਵਰ) ਦਿਵਸ ਹਰ ਸਾਲ 19 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ, ਜਿਸਦਾ ਮੁੱਖ ਉਦੇਸ਼ ਜਿਗਰ ਦੀਆਂ ਬਿਮਾਰੀਆਂ, ਰੋਕਥਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਹਨਾਂ ਕਿਹਾ ਕਿ ਭਾਰਤ ਵਿੱਚ ਜਿਗਰ ਦੀਆਂ ਬਿਮਾਰੀਆਂ ਮੌਤ ਦਾ 10ਵਾਂ ਸਭ ਤੋਂ ਵੱਡਾ ਕਾਰਨ ਹਨ। ਇਹ ਦਿਵਸ ਮਣਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਲੀਵਰ ਦੀਆਂ ਬਿਮਾਰੀਆਂ (ਜਿਵੇਂ ਫੈਟੀ ਲਿਵਰ, ਸਿਰੋਸਿਸ) ਪ੍ਰਤੀ ਜਾਗਰੂਕ ਕਰਨਾ ਅਤੇ ਸਿਹਤਮੰਦ ਆਦਤਾਂ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਕਿਹਾ ਕਿ ਲੀਵਰ ਸਰੀਰ ਦਾ ਦੂਜਾ ਸਭ ਤੋਂ ਵੱਡਾ ਅਤੇ ਸਭ ਤੋਂ ਗੁੰਝਲਦਾਰ ਅੰਗ ਹੈ, ਜੋ ਪਾਚਨ, ਊਰਜਾ ਸਟੋਰੇਜ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਸੰਤੁਲਿਤ ਖੁਰਾਕ, ਨਿਯਮਤ ਕਸਰਤ, ਸ਼ਰਾਬ ਤੋਂ ਪਰਹੇਜ਼, ਅਤੇ ਭਾਰ ਨਿਯੰਤਰਣ ਰਾਹੀਂ ਲੀਵਰ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਇਸ ਵਾਰ ਇਹ ਦਿਨ ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ। ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ ਨੇ ਦੱਸਿਆ ਕਿ ਇੱਕ ਰਿਪੋਰਟ ਮੁਤਾਬਕ ਸਾਲ 2050 ਤੱਕ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ 42 ਫ਼ੀਸਦੀ ਤੱਕ ਦਾ ਇਜ਼ਾਫਾ ਹੋਣ ਦੀ ਉਮੀਦ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਤਿੰਨਾਂ ’ਚੋਂ ਇੱਕ ਵਿਅਕਤੀ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਹੈ। ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਵਿਸ਼ਵ ਵਿੱਚ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਵਿੱਚ ਜਿਗਰ ਦੀਆਂ ਬਿਮਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਰਾਹੀਂ ਪੀੜਤਾਂ ਦਾ ਇਲਾਜ ਇਸ ਯੋਜਨਾ ਤਹਿਤ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਜਿਗਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਵੱਡਾ ਕਾਰਨ ਹੈ। ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਵੱਕ-ਵੱਖ ਪਿੰਡਾਂ ਵਿਖੇ ਜਾਗਰੂਕਤਾ ਮੁਹਿੰਮਾਂ ਅਤੇ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਲੋਕ ਆਪਣੇ ਲੀਵਰ ਦੀ ਸਿਹਤ ਵੱਲ ਧਿਆਨ ਦੇ ਸਕਣ। ਇਸ ਮੌਕੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਦੇਵ ਸਿੰਘ ਅਤੇ ਵਿੱਕੀ ਕੁਮਾਰ ਮੌਜੂਦ ਸਨ।