ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਐਚਪੀਵੀ ਵੈਕਸੀਨ ਜ਼ਰੂਰੀ : ਡਾ. ਗਰਗ
ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਐਚਪੀਵੀ ਵੈਕਸੀਨ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ
Publish Date: Sun, 24 May 2026 04:25 PM (IST)
Updated Date: Sun, 24 May 2026 04:25 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਕੁੜੀਆਂ ਨੂੰ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸੰਬੰਧੀ ਵਿਸ਼ੇਸ਼ ਜਾਗਰੂਕਤਾ ਸੈਸ਼ਨ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਐਚਪੀਵੀ ਵੈਕਸੀਨ ਦੀ ਮਹੱਤਤਾ ਅਤੇ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਡਾ. ਮਨੀ ਗਰਗ ਨੇ ਕਿਹਾ ਕਿ ਬੱਚੇਦਾਨੀ ਦਾ ਕੈਂਸਰ ਔਰਤਾਂ ਵਿੱਚ ਪਾਈ ਜਾਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਪਰ ਸਮੇਂ ਸਿਰ ਜਾਗਰੂਕਤਾ ਅਤੇ ਟੀਕਾਕਰਨ ਰਾਹੀਂ ਇਸ ਤੋਂ ਬਚਾਅ ਸੰਭਵ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਐਚਪੀਵੀ ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕੁੜੀਆਂ ਨੂੰ ਇਸ ਸਹੂਲਤ ਦਾ ਲਾਭ ਮਿਲ ਸਕੇ। ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਮਨੀ ਗਰਗ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਐਚਪੀਵੀ ਵਾਇਰਸ ਬੱਚੇਦਾਨੀ ਦੇ ਕੈਂਸਰ ਦਾ ਮੁੱਖ ਕਾਰਨ ਹੈ ਅਤੇ ਇਸ ਤੋਂ ਬਚਾਅ ਲਈ ਵੈਕਸੀਨ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਸਮੇਂ ਸਿਰ ਇਹ ਵੈਕਸੀਨ ਜ਼ਰੂਰ ਲਗਵਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਭਰਮ ਵਿੱਚ ਨਾ ਰਹਿਣ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲਬਧ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਟੀਕਾਕਰਨ ਬੱਚਿਆਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਚਪੀਵੀ ਵੈਕਸੀਨ ਦੇਣ ਨਾਲ ਭਵਿੱਖ ਵਿੱਚ ਬੱਚੇਦਾਨੀ ਦੇ ਕੈਂਸਰ ਦੇ ਮਾਮਲਿਆਂ ਵਿੱਚ ਕਮੀ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਮੁਹਿੰਮਾਂ ਨਾਲ ਜੁੜ ਕੇ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਕੈਂਪ ਦੌਰਾਨ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਐਚਪੀਵੀ ਵਾਇਰਸ ਦੇ ਫੈਲਾਅ, ਇਸਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੌਕੇ ’ਤੇ ਮੌਜੂਦ ਲੋਕਾਂ ਦੇ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਦੇ ਕੇ ਉਨ੍ਹਾਂ ਦੇ ਸੰਦੇਹ ਵੀ ਦੂਰ ਕੀਤੇ ਗਏ।ਸਿਹਤ ਵਿਭਾਗ ਨੇ ਦੱਸਿਆ ਕਿ ਅਜਿਹੇ ਜਾਗਰੂਕਤਾ ਕੈਂਪ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਮਹੱਤਵਪੂਰਨ ਜਾਣਕਾਰੀ ਪਹੁੰਚ ਸਕੇ। ਇਸ ਦੌਰਾਨ ਦਿਵੇਸ਼ ਕੁਮਾਰ, ਦਵਿੰਦਰ ਕੌਰ, ਸ਼ਾਲੂ ਰਾਣੀ, ਸਿਵਲ ਹਸਪਤਾਲ ਦਾ ਸਟਾਫ਼ ਅਤੇ ਹੋਰ ਲੋਕ ਹਾਜ਼ਰ ਸਨ।