ਚੋਣਾਂ ਦੌਰਾਨ ਲਾਇਸੰਸੀ ਅਸਲਾ ਤੇ ਮਾਰੂ ਹਥਿਆਰ ਚੁੱਕਣ ‘ਤੇ ਪਾਬੰਦੀ
Ban on carrying licensed weapons and deadly weapons during elections
Publish Date: Mon, 18 May 2026 04:44 PM (IST)
Updated Date: Mon, 18 May 2026 04:46 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼ ਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।