ਮੰਡੀ ਅਰਨੀਵਾਲਾ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਰੋਡ ਸ਼ੋਅ
ਮੰਡੀ ਅਰਨੀਵਾਲਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਵਿਸ਼ਾਲ ਰੋਡ ਸ਼ੋਅ
Publish Date: Sun, 24 May 2026 05:35 PM (IST)
Updated Date: Sun, 24 May 2026 05:37 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ ਮੰਡੀ ਅਰਨੀਵਾਲਾ : ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ ਦੇ ਮੰਡੀ ਅਰਨੀਵਾਲਾ ਵਿੱਚ ਬਾਜਪਾ ਵੱਲੋਂ ਵਿਸ਼ਾਲ ਰੋਡ ਸ਼ੋਅ ਕੱਢ ਕੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਅਤੇ ਆਗੂ ਰਾਕੇਸ਼ ਧੂੜੀਆ ਖ਼ਾਸ ਤੌਰ ‘ਤੇ ਪਹੁੰਚੇ। ਆਗੂਆਂ ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਤੋਂ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਗਈ। ਰੋਡ ਸ਼ੋਅ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੱਲੋਂ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਵਿਸ਼ਾਲ ਕਾਫਲੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ। ਰੋਡ ਸ਼ੋਅ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ ਅਤੇ ਲੋਕਾਂ ਨੂੰ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਵਿਕਾਸ ਅਤੇ ਲੋਕ ਭਲਾਈ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਨਿਕਾਇਕ ਸੰਸਥਾਵਾਂ ਵਿੱਚ ਵੀ ਭਾਜਪਾ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਮੰਡੀ ਅਰਨੀਵਾਲਾ ਦੇ ਲੋਕ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਚਾਹੁੰਦੇ ਹਨ ਅਤੇ ਭਾਜਪਾ ਹੀ ਉਹ ਪਾਰਟੀ ਹੈ ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰ ਸਕਦੀ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਰਾਕੇਸ਼ ਧੂੜੀਆ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਮਰਥਨ ਨਾਲ ਭਾਜਪਾ ਇਸ ਚੋਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਉਕਤਾ ਚੁੱਕੇ ਹਨ ਅਤੇ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਮੰਡੀ ਅਰਨੀਵਾਲਾ ਦੇ ਸਮੂਹ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਵਰਕਰਾਂ ਨੇ ਇਕਜੁੱਟ ਹੋ ਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਜੋਸ਼ ਅਤੇ ਲੋਕਾਂ ਦੀ ਭਾਰੀ ਭਾਗੀਦਾਰੀ ਦਰਸਾਉਂਦੀ ਹੈ ਕਿ ਇਲਾਕੇ ਵਿੱਚ ਭਾਜਪਾ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।ਰੋਡ ਸ਼ੋਅ ਦੌਰਾਨ ਪੂਰੇ ਸ਼ਹਿਰ ਵਿੱਚ ਚੋਣੀ ਮਾਹੌਲ ਬਣਿਆ ਰਿਹਾ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰੋਗਰਾਮ ਵਿੱਚ ਦਿਲਚਸਪੀ ਦਿਖਾਈ।