ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਗੱਲੋਂ ਘੱਟ ਨਹੀਂ : ਸੀਐੱਮ ਮਾਨ
ਜੇਈਈ ਪ੍ਰੀਖਿਆ ਪਾਸ ਕਰਨ ਵਾਲੇ ਫਿਰੋਜ਼ਪੁਰ ਦੇ 34 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨ
Publish Date: Wed, 29 Apr 2026 05:30 PM (IST)
Updated Date: Wed, 29 Apr 2026 05:34 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਜੇਈਈ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ 360 ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਕੁੱਲ 34 ਵਿਦਿਆਰਥੀ ਵੀ ਸ਼ਾਮਲ ਸਨ। ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦੇ 23 ਵਿਦਿਆਰਥੀ, ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਸ਼ਹਿਰ ਦਾ 1, ਸਕੂਲ ਆਫ ਐਮੀਨੈਂਸ ਗੁਰੂਹਰਸਹਾਏ ਦੇ 2, ਸਕੂਲ ਆਫ ਐਮੀਨੈਂਸ ਮਮਦੋਟ ਦੇ 2, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਦਾ 1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਵਾਲਾ 1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਦਾ 1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਵਾਲਾ ਦਾ 1 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਦਾ 1 ਵਿਦਿਆਰਥੀ ਸ਼ਾਮਲ ਸੀ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਗੱਲ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਵਿਦਿਆਰਥੀਆਂ ਨੂੰ ਉੱਚ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਸਫਲਤਾ ਸਿਰਫ਼ ਇਕ ਪੜਾਅ ਹੈ ਅਤੇ ਭਵਿੱਖ ਵਿਚ ਹੋਰ ਵੱਡੀਆਂ ਉਪਲਬੱਧੀਆਂ ਹਾਸਲ ਕਰਨ ਲਈ ਲਗਾਤਾਰ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱਖਿਆ) ਫਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਸਨਮਾਨਿਤ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਸਿਰਫ਼ ਵਿਦਿਆਰਥੀਆਂ ਦੀ ਨਹੀਂ, ਸਗੋਂ ਉਨ੍ਹਾਂ ਦੇ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਇਨ੍ਹਾਂ ਹੀ ਉੱਚਾਈਆਂ ਨੂੰ ਛੂਹਣਗੇ ਅਤੇ ਆਪਣੇ ਜ਼ਿਲ੍ਹੇ ਅਤੇ ਰਾਜ ਦਾ ਨਾਮ ਰੌਸ਼ਨ ਕਰਨਗੇ। ਇਹ ਸਮਾਰੋਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਵੱਡਾ ਉਤਸ਼ਾਹ ਬਣ ਕੇ ਸਾਹਮਣੇ ਆਇਆ ਹੈ, ਜਿਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਹੌਸਲਾ ਵਧਿਆ ਹੈ, ਸਗੋਂ ਸਿੱਖਿਆ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਵੀ ਹੋਰ ਮਜ਼ਬੂਤ ਹੋਇਆ ਹੈ। ਇਸ ਸਮਾਗਮ ਵਿਚ ਨੋਡਲ ਇੰਚਾਰਜ਼ ਅਨਿਲ ਧਵਨ ਲੈਕਚਰਾਰ, ਅਮਨਦੀਪ ਕੌਰ ਲੈਕਚਰਾਰ, ਗੁਰਸੇਵਕ ਸਿੰਘ ਸਾਇੰਸ ਮਾਸਟਰ ਅਤੇ ਜਰਨੈਲ ਸਿੰਘ ਵਾਰਡਨ ਵਿਦਿਆਰਥੀਆਂ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।