ਸਿਵਲ ਸਰਜਨ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
ਸਿਹਤ ਪ੍ਰੋਗਰਾਮਾਂ ਦੀ ਪ੍ਰਭਾਵਸ਼ਾਲੀ ਲਾਗੂਆਤ ਲਈ ਸਿਵਲ ਸਰਜਨ ਵੱਲੋਂ ਰੀਵਿਊ ਮੀਟਿੰਗ
Publish Date: Wed, 27 May 2026 05:50 PM (IST)
Updated Date: Wed, 27 May 2026 05:52 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੌਮੀ ਅਤੇ ਰਾਜ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਰਿਪੋਰਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਾ. ਕਵਿਤਾ ਸਿੰਘ ਨੇ ਕਿਹਾ ਕਿ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਹੋਰ ਸੁਚਾਰੂ ਬਣਾਈ ਜਾਵੇ। ਉਨ੍ਹਾਂ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਮਰੀਜ਼ਾਂ ਨੂੰ ਗੁਣਵੱਤਾਪੂਰਨ ਸੇਵਾਵਾਂ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਾਰੇ ਸਿਹਤ ਸੰਸਥਾਨਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਪਾਰਦਰਸ਼ੀ ਅਤੇ ਬਿਹਤਰ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਖ਼ਾਸ ਕਰਕੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਲ ਦੇ ਆਧਾਰ ‘ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾਵੇ ਤੇ ਐੱਨਸੀਡੀ ਸਬੰਧੀ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਲੈਬ ਟੈਸਟ ਤੇ ਤੁਰੰਤ ਇਲਾਜ ਦੀ ਸਹੂਲਤ ਬਿਨਾਂ ਰੁਕਾਵਟ ਜਾਰੀ ਰੱਖਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੇ ਅਧੀਨ ਸਿਹਤ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕਰਨ, ਸਟਾਫ ਦੀ ਹਾਜ਼ਰੀ ਯਕੀਨੀ ਬਣਾਉਣ, ਦਵਾਈਆਂ ਦਾ ਲੋੜੀਂਦਾ ਸਟਾਕ ਕਾਇਮ ਰੱਖਣ ਤੇ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਰਿਕਾਰਡ ਅਤੇ ਆਨਲਾਈਨ ਡਾਟਾ ਸਮੇਂ-ਸਮੇਂ ‘ਤੇ ਅਪਡੇਟ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ।ਡਾ. ਕਵਿਤਾ ਸਿੰਘ ਨੇ ਐਚ.ਪੀ.ਵੀ. ਵੈਕਸੀਨੇਸ਼ਨ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਏਰਿਕ, ਡਾ. ਸੁਰੇਸ਼ ਕੰਬੋਜ, ਡਾ. ਨਵੀਨ ਮਿੱਤਲ, ਜ਼ਿਲ੍ਹਾ ਐਪੀਡਿਮੈਲੋਜਿਸਟ ਡਾ. ਸੁਨੀਤਾ ਕੰਬੋਜ, ਡਾ. ਵਿਕਾਸ ਗਾਂਧੀ, ਡਾ. ਪੰਕਜ ਚੌਹਾਨ, ਡਾ. ਸੰਦੀਪ ਖੌਸਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਫਾਰਮਾਸਿਸਟ ਗੁਰਪ੍ਰੀਤ ਬੱਬਰ, ਬੀ.ਈ.ਈ. ਹਰਮੀਤ ਸਿੰਘ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਦੇਵ ਸਿੰਘ ਤੇ ਰੋਬਿਨ ਗਿਲਹੋਤਰਾ ਮੌਜੂਦ ਸਨ।