ਕੰਪਿਊਟਰ ਅਧਿਆਪਕ 28 ਮਈ ਨੂੰ ਮੋਹਾਲੀ ਵਿਖੇ ਕਰਨਗੇ ਡੀਜੀਐੱਸਈ ਦਫਤਰ ਦਾ ਘਿਰਾਓ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਅਤੇ ਵਿਭਾਗ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 28 ਮਈ ਨੂੰ ਮੋਹਾਲੀ ਡੀਜੀਐੱਸਈ ਦਫਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਸੂਬਾ ਕਮੇਟੀ ਮੈਂਬਰ ਹਰਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਤਹਿਸੀਲ ਪ੍ਰਧਾਨ ਸਤਨਾਮ ਸਿੰਘ ਧੰਜੂ ਦੀ ਅਗਵਾਈ ਵਿਚ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ। ਆਗੂਆਂ ਵੱਲੋ ਦੱਸਿਆ ਗਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਕਰਨ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (ਪੀਆਈਸੀਟੀਈਐੱਸ) ਦੇ ਨਾਂ ’ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂਆਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 6 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ, ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਰਵੀਇੰਦਰ ਸਿੰਘ ਗਿੱਲ, ਗਗਨਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਸਤੀਸ਼ ਕੁਮਾਰ, ਹਰਪਾਲ ਸਿੰਘ ਮਖੂ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਅਸ਼ਵਨੀ ਕੁਮਾਰ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਮਖੂ, ਸਰਬਜੀਤ ਸਿੰਘ ਕਲਸੀ, ਵਿਕਾਸ ਜ਼ੀਰਾ, ਗੁਲਸ਼ਨ ਕੁਮਾਰ, ਸਿਮਰਨਜੀਤ, ਮਨਪ੍ਰੀਤ ਕੌਰ, ਅੰਜੂ ਬਾਲਾ, ਕਿਰਨਦੀਪ ਕੌਰ, ਪਰਮਜੀਤ ਕੌਰ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।