ਕੰਪਿਊਟਰ ਅਧਿਆਪਕ 14 ਫਰਵਰੀ ਨੂੰ ਕਰਨਗੇ ਸੂਬਾ ਪੱਧਰੀ ਰੈਲੀ ਸੰਗਰੂਰ ਵਿਖੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸਰਕਾਰ ਨੇ ਇਕ ਅਜੀਬ ਫਰਮਾਨ ਜਾਰੀ ਕਰਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦਾਅ ’ਤੇ ਲਗਾ ਦਿੱਤਾ ਹੈ। ਅੱਠਵੀਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ, ਪਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਚਿੰਤਾ ਕਰਨ ਦੀ ਬਜਾਏ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਹੈਲਥ ਕਾਰਡ ਤਿਆਰ ਕਰਨ ਦੀ ਜਿੰਮੇਵਾਰੀ ਸੌਂਪ ਦਿੱਤੀ ਹੈ। ਕੰਪਿਊਟਰ ਅਧਿਆਪਕਾਂ ਨੇ ਇਸ ਨਾਦਰਸ਼ਾਹੀ ਫਰਮਾਨ ਦਾ ਸਖਤ ਵਿਰੋਧ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਸਟੇਟ ਸੀਨੀਅਰ ਵਾਈਸ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਜ਼ਿਲਾ ਫਿਰੋਜ਼ਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਵੀ ਕੋਈ ਡਾਟਾ ਐਂਟਰੀ ਦਾ ਕੰਮ ਹੁੰਦਾ ਤਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੰਪਿਊਟਰ ਅਧਿਆਪਕਾਂ ਦੀ ਯਾਦ ਆਉਂਦੀ ਹੈ। ਪਰ ਜਦੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਗੱਲਾ ਹੁੰਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਪਿਛਲੇ ਦੋ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਲੜ ਰਹੀ ਹੈ ਨਾ ਤਾਂ ਮੁੱਖ ਮੰਤਰੀ ਅਤੇ ਨਾ ਹੀ ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਉਨ੍ਹਾਂ ਦੀ ਕੋਈ ਗੱਲ ਸੁਣਦੇ ਨਜ਼ਰ ਆ ਰਹੇ ਹਨ ।ਹੁਣ ਜਦੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕਾਰਡ ਬਣਾਉਣ ਦੀ ਗੱਲ ਆਈ ਹੈ ਤਾਂ ਕੰਪਿਊਟਰ ਅਧਿਆਪਕਾਂ ਨੂੰ ਇਸ ਕੰਮ ਵਿਚ ਲਗਾ ਦਿੱਤਾ ਗਿਆ ਹੈ। ਜਦ ਕਿ ਬੋਰਡ ਪ੍ਰੀਖਿਆਵਾਂ ਵਿਚ ਸਿਰਫ ਇੱਕ ਦੋ ਹਫਤੇ ਬਾਕੀ ਹਨ।ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਅਜਿਹੀਆਂ ਡਿਊਟੀਆਂ ਵਿਚ ਸ਼ਾਮਲ ਨਹੀਂ ਹੋਣਗੇ ਜੋ ਵਿਦਿਆਰਥੀਆਂ ਦੀ ਸਿੱਖਿਆ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਸਕੂਲੀ ਸਿੱਖਿਆ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।ਕੰਪਿਊਟਰ ਅਧਿਆਪਕਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਹੋਇਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਗੱਲ ਆਈ ਹੈ ਤਾਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਬੁਲਾ ਲਿਆ ਗਿਆ ਹੈ । ਪਰ ਜਦੋਂ ਪਿਛਲੇ 20 ਸਾਲਾਂ ਤੋਂ ਉਹ ਆਪਣੇ ਹੱਕਾਂ ਲਈ ਲੜ ਰਹੇ ਹਨ, ਉਨ੍ਹਾਂ ਨੂੰ ਮੀਟਿੰਗਾਂ ਦੇ ਕੇ ਵੀ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਹੈ 2011 ਵਿਚ ਜਾਰੀ ਕੀਤੇ ਗਏ ਨਿਯੁਕਤੀ ਦੇ ਆਰਡਰਾਂ ਤਹਿਤ ਸਾਰੇ ਲਾਭ ਅਤੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਪੂਰੀ ਤਨਖਾਵਾਂ ਤੇ ਵਿੱਤੀ ਲਾਭ ਦਿੱਤੇ ਜਾਣ। ਇਸ ਮੌਕੇ ਰਵੀਇੰਦਰ ਸਿੰਘ, ਸਰਬਜੋਤ ਸਿੰਘ, ਮਿਸਾਲ ਧਵਨ ,ਮੁਕੇਸ਼ ਚੌਹਾਨ ,ਲਖਵਿੰਦਰ ਸਿੰਘ ,ਮਿੰਟੂ ਥੋਮਸ, ਸਰਬਜੀਤ ਸਿੰਘ ਕਲਸੀ, ਅਜੇ ਕੁਮਾਰ, ਪ੍ਰਿਤਪਾਲ ਸਿੰਘ, ਜਤਿੰਦਰ ਵਿਜੇ ਕੁਮਾਰ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਵਿਕਾਸ, ਜੋਗਿੰਦਰ ਪਾਲ, ਮਹੇਸ਼ ,ਹਰਬੰਸ ਸਿੰਘ ਅਤੇ ਹੋਰ ਬਹੁਤ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ ।