ਕਾਂਗਰਸ ਦਾ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ, ਗੈਸ ਸਿਲੰਡਰ ਤੇ ਰੇਹੜੇ ਰਾਹੀਂ ਜਤਾਇਆ ਰੋਸ
ਕਾਂਗਰਸ ਦਾ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ, ਗੈਸ ਸਿਲੰਡਰ ਤੇ ਰੇਹੜੇ ਰਾਹੀਂ ਜਤਾਇਆ ਰੋਸ
Publish Date: Mon, 01 Jun 2026 05:14 PM (IST)
Updated Date: Mon, 01 Jun 2026 05:17 PM (IST)

ਨਵਜੋਤ ਸਿੰਘ.ਪੰਜਾਬੀ ਜਾਗਰਣ ਫਾਜ਼ਿਲਕਾ : ਦੇਸ਼ ਵਿੱਚ ਵਧ ਰਹੀ ਮਹਿੰਗਾਈ ਅਤੇ ਈਂਧਨ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਫਾਜ਼ਿਲਕਾ ਕਾਂਗਰਸ ਵੱਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਗਿਆ। ਘਾਹ ਮੰਡੀ ਨੇੜੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਅਤੇ ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਇਕੱਠੇ ਹੋਏ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਸਮਰਬੀਰ ਸਿੰਘ ਸਿੱਧੂ, ਐਡਵੋਕੇਟ ਰਿਤੇਸ਼ ਗਗਨੇਜਾ ਅਤੇ ਹੋਰ ਵਰਕਰਾਂ ਨੇ ਖੱਚਰ-ਰੇਹੜੇ ’ਤੇ ਬੈਠ ਕੇ ਅਤੇ ਗੈਸ ਸਿਲੰਡਰ ਨਾਲ ਰੋਸ ਜਤਾਉਂਦਿਆਂ ਮਹਿੰਗਾਈ ਦੇ ਮੁੱਦੇ ਨੂੰ ਅਨੋਖੇ ਢੰਗ ਨਾਲ ਉਭਾਰਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਇਸ ਮੌਕੇ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੁੰਦਿਆਂ ਹੀ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀਆਂ ਹਨ, ਜਦਕਿ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਲਗਭਗ 400 ਰੁਪਏ ਸੀ, ਜੋ ਹੁਣ ਕਰੀਬ 1000 ਰੁਪਏ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵੀ ਬਹੁਤ ਵੱਧ ਗਈਆਂ ਹਨ ਅਤੇ ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਆਵਾਜਾਈ ਖ਼ਰਚ ਵਧਿਆ ਹੈ, ਜਿਸ ਦਾ ਅਸਰ ਰੋਜ਼ਮਰ੍ਹਾ ਦੀਆਂ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪਿਆ ਹੈ। ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਿੰਗਾਈ ’ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।