ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਨਾਲ ਪਾਰਟੀ ਨੂੰ ਨਵੀਂ ਤਾਕਤ : ਜੌੜਾ
ਮਨਰੇਗਾ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਦਾ ਜ਼ਮੀਨੀ ਸੰਘਰਸ਼ ਤੇਜ਼
Publish Date: Sat, 10 Jan 2026 05:01 PM (IST)
Updated Date: Sat, 10 Jan 2026 05:03 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਮਨਰੇਗਾ ਵਰਗੀ ਲੋਕ-ਭਲਾਈ ਸਕੀਮ ਨੂੰ ਬਚਾਉਣ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿਚ ਜ਼ਮੀਨੀ ਪੱਧਰ ’ਤੇ ਵਿਸ਼ਾਲ ਮੁਹਿੰਮ ਚਲਾਈ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਅਖਿਲ ਭਾਰਤੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੰਜਾਬ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਇਸ ਸਮੇਂ ਪੰਜਾਬ ਦੌਰੇ ’ਤੇ ਹਨ ਅਤੇ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਂਗਰਸ ਵਰਕਰਾਂ, ਆਗੂਆਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਅਤੇ ਕਾਨਫਰੰਸਾਂ ਰਾਹੀਂ ਮਨਰੇਗਾ ਦੀ ਅਸਲੀ ਸਥਿਤੀ ਲੋਕਾਂ ਸਾਹਮਣੇ ਲਿਆਂਦੀ ਜਾ ਰਹੀ ਹੈ।ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਮਨਰੇਗਾ, ਜੋ ਕਿ ਗਰੀਬ, ਮਜ਼ਦੂਰ ਅਤੇ ਬੇਰੋਜ਼ਗਾਰ ਵਰਗ ਲਈ ਰੀੜ੍ਹ ਦੀ ਹੱਡੀ ਹੈ, ਨੂੰ ਮੌਜੂਦਾ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। 100 ਦਿਨਾਂ ਦੇ ਰੋਜ਼ਗਾਰ, ਸਮੇਂ ਸਿਰ ਮਜ਼ਦੂਰੀ ਅਤੇ ਪਾਰਦਰਸ਼ੀ ਪ੍ਰਣਾਲੀ ਜਿਹੇ ਮੂਲ ਅਧਿਕਾਰਾਂ ਤੋਂ ਲੋਕਾਂ ਨੂੰ ਵਾਂਝੇ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੜਾਈ ਸਿਰਫ ਸਿਆਸੀ ਨਹੀਂ, ਸਗੋਂ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹੈ। ਭੁਪੇਸ਼ ਬਘੇਲ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਜ਼ਮੀਨੀ ਰਾਜਨੀਤੀ ਦੀ ਡੂੰਘੀ ਸਮਝ ਪੰਜਾਬ ਵਿਚ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਦੇਵੇਗੀ। ਜੌੜਾ ਨੇ ਕਿਹਾ ਕਿ ਭੁਪੇਸ਼ ਬਘੇਲ ਦੇ ਦੌਰੇ ਦੌਰਾਨ ਕਾਂਗਰਸ ਸਮਾਗਮਾਂ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਹ ਸਾਬਤ ਕਰ ਰਹੀ ਹੈ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿਚ ਮਾਹੌਲ ਬਣ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਪਾਰਟੀ ਮਨਰੇਗਾ ਸਮੇਤ ਹੋਰ ਲੋਕ-ਹਿਤੈਸ਼ੀ ਮੁੱਦਿਆਂ ਨੂੰ ਲੈ ਕੇ ਹੋਰ ਤੇਜ਼ੀ ਨਾਲ ਲੋਕਾਂ ਤੱਕ ਪਹੁੰਚੇਗੀ। ਜੌੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਦਾ ਹੀ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਵਰਗ ਦੀ ਆਵਾਜ਼ ਬਣੀ ਹੈ ਅਤੇ ਮਨਰੇਗਾ ਵਰਗੀਆਂ ਯੋਜਨਾਵਾਂ ਨੂੰ ਮਜ਼ਬੂਤ ਕਰਨ ਲਈ ਸੰਘਰਸ਼ ਜਾਰੀ ਰਹੇਗਾ।