ਅਪਰਾਧਿਕ ਤੱਤਾਂ ‘ਤੇ ਨਕੇਲ, ਲੋਕ-ਮੁਸ਼ਕਲਾਂ ਨੂੰ ਹੋਵੇਗੀ ਪਹਿਲ : ਐੱਸਐੱਸਪੀ
ਅਪਰਾਧਿਕ ਤੱਤਾਂ ‘ਤੇ ਨਕੇਲ, ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਪਹਿਲੀ ਤਰਜੀਹ:ਐੱਸਐੱਸਪੀ ਗਗਨ ਅਜੀਤ ਸਿੰਘ
Publish Date: Fri, 08 May 2026 06:03 PM (IST)
Updated Date: Fri, 08 May 2026 06:05 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਗਗਨ ਅਜੀਤ ਸਿੰਘ ਨੇ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣੇਗਾ ਅਤੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਪਬਲਿਕ ਦਰਮਿਆਨ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਲੋਕ ਬਿਨਾ ਕਿਸੇ ਡਰ ਦੇ ਆਪਣੀਆਂ ਸਮੱਸਿਆਵਾਂ ਸਾਹਮਣੇ ਰੱਖ ਸਕਣ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਜਨਤਾ ਨਾਲ ਸੁਹਜ ਵਿਵਹਾਰ ਰੱਖਣ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਬਿਨਾ ਕਿਸੇ ਡਰ ਦੇ ਪੁਲਿਸ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰੇ। ਉਸ ਦਾ ਇਲਾਜ ਕਰਵਾਉਣ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਵੀ ਪੁਲਿਸ ਦੀ ਤਰਜੀਹ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਂਝੀ ਕੋਸ਼ਿਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।