ਬਿਨਾਂ ਦੇਰੀ ਹੱਲ ਕੀਤੇ ਜਾਣ ਲੰਬਿਤ ਮਾਮਲੇ : ਐੱਸਐੱਸਪੀ ਸਿੱਧੂ
ਜ਼ਿਲ੍ਹਾ ਪੁਲਿਸ ਮੁਖੀ ਨੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਕੀਤੀ ਕਰਾਈਮ ਮੀਟਿੰਗ
Publish Date: Tue, 28 Apr 2026 06:40 PM (IST)
Updated Date: Tue, 28 Apr 2026 06:43 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਪੁਲਿਸ ਮੁੱਖੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸਮੂਹ ਪੁਲਿਸ ਅਧਿਕਾਰੀਆਂ ਨਾਲ ਇਕ ਅਹਿਮ ਕਰਾਈਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨਾ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨਾ ਹੈ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਸਮੂਹ ਜੀ.ਓਜ਼, ਐੱਸਐੱਚਓਜ਼ ਤੇ ਚੌਕੀ ਇੰਚਾਰਜ਼ਾਂ ਨਾਲ ਇਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਦੀ ਮੌਜ਼ੂਦਾ ਸੁਰੱਖਿਆ ਸਥਿਤੀ ਅਤੇ ਅਪਰਾਧ ਦੀ ਦਰ ’ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਐੱਸਐੱਸਪੀ ਨੇ ਹਦਾਇਤ ਕੀਤੀ ਕਿ ਕਾਫ਼ੀ ਸਮੇਂ ਤੋਂ ਅਧੂਰੀਆਂ ਪਈਆਂ ਤਫ਼ਤੀਸ਼ਾਂ ਅਤੇ ਲੰਬਿਤ ਕੇਸਾਂ ਨੂੰ ਬਿਨ੍ਹਾ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਇਲਾਕਿਆਂ ਵਿਚ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਸਲਾਖਾਂ ਪਿੱਛੇ ਭੇਜਣ। ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਆਂ ਰਣਨੀਤੀਆਂ ਉਲੀਕੀਆਂ ਗਈਆਂ ਹਨ। ਰਾਤ ਸਮੇਂ ਗਸ਼ਤ ਵਧਾਉਣ ਅਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਦੇ ਨਿਰਦੇਸ਼ ਵੀ ਦਿੱਤੇ ਗਏ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਅਪਰਾਧ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।