ਡੀਐੱਸਪੀ ਜਸਪਾਲ ਸਿੰਘ ਢਿੱਲੋਂ ਨੇ ਜ਼ੀਰਾ ਸਬ ਡਵੀਜ਼ਨ ਦਾ ਚਾਰਜ ਸੰਭਾਲਿਆ
ਡੀਐੱਸਪੀ ਜਸਪਾਲ ਸਿੰਘ ਢਿੱਲੋਂ ਨੇ ਜ਼ੀਰਾ ਸਬ ਡਵੀਜ਼ਨ ਦਾ ਚਾਰਜ ਸੰਭਾਲਿਆ
Publish Date: Sun, 12 Oct 2025 05:18 PM (IST)
Updated Date: Sun, 12 Oct 2025 05:20 PM (IST)

ਪੱਤਰ ਪ੍ਰੇਰਕ, ਜ਼ੀਰਾ : ਜਸਪਾਲ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਜ਼ੀਰਾ ਦੇ ਡੀਐੱਸਪੀ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਟਾਲਾ ਵਿਖੇ ਤਾਇਨਾਤ ਸਨ ਅਤੇ 2017-18 ਦੌਰਾਨ ਵੀ ਬਤੌਰ ਡੀਐੱਸਪੀ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਡੀਐੱਸਪੀ ਢਿੱਲੋਂ ਨੇ ਕਿਹਾ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਅਤੇ ਪੁਲਿਸ ਦੀ ਹਰ ਪਾਸੇ ਤਿੱਖੀ ਨਜ਼ਰ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਦੁਕਾਨਾਂ ਦੇ ਬਾਹਰ ਸੜਕ ਤੱਕ ਸਮਾਨ ਨਾ ਸਜਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਕਿਸੇ ਵਿਅਕਤੀ ਦੀਆਂ ਹਰਕਤਾਂ ਸ਼ੱਕੀ ਦਿਖਾਈ ਦੇਣ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਲਾਵਾਰਿਸ , ਵਸਤੂ ਨੂੰ ਹੱਥ ਨਾ ਲਗਾਇਆ ਜਾਵੇ ਅਤੇ ਲਾਵਾਰਿਸ ਸ਼ੱਕੀ ਸਮਾਨ ਦਿਖਾਈ ਦੇਣ ਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਤਿਉਹਾਰਾਂ ਦੇ ਮੱਦੇਨਜ਼ਰ ਇਲਾਕੇ ਵਿੱਚ ਪੁਲੀਸ ਦੀ ਗਸ਼ਤ ਵੀ ਵਧਾਈ ਜਾਵੇਗੀ। ਡੀਐੱਸਪੀ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਡੀਐੱਸਪੀ ਢਿੱਲੋਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਤੱਤਪਰ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਜਾਂ ਸ਼ਿਕਾਇਤ ਲਈ ਲੋਕ ਉਨ੍ਹਾਂ ਨਾਲ ਬਿਨ੍ਹਾ ਝਿਜਕ ਸੰਪਰਕ ਕਰ ਸਕਦੇ ਹਨ ਜਾਂ ਦਫਤਰੀ ਸਮੇਂ ਦੌਰਾਨ ਮਿਲਣ ਆ ਸਕਦੇ ਹਨ।