ਪੰਜਾਬ ਸਰਕਾਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਵਿਧਾਇਕ ਰਣਬੀਰ ਭੁੱਲਰ
ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਸੰਪੰਨ
Publish Date: Sat, 28 Feb 2026 04:59 PM (IST)
Updated Date: Sat, 28 Feb 2026 05:01 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਦੇ ਵਿਦਿਆਰਥੀਆਂ ਦਾ ਇਤਿਹਾਸਕ ਸ਼ਹਿਰ ਜੈਪੁਰ ਲਈ ਆਯੋਜਿਤ ਹਵਾਈ ਵਿਦਿਅਕ ਟੂਰ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਵਿਦਿਆਰਥੀ ਸੁਰੱਖਿਅਤ ਤੌਰ ’ਤੇ ਸਕੂਲ ਵਾਪਸ ਪਹੁੰਚ ਗਏ। ਵਿਦਿਆਰਥੀਆਂ ਦੀ ਵਾਪਸੀ ਮੌਕੇ ਆਯੋਜਿਤ ਇਕ ਸੰਖੇਪ ਸਮਾਗਮ ਵਿਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ ਅਤੇ ਉਨ੍ਹਾਂ ਵਿਚ ਆਤਮਵਿਸ਼ਵਾਸ ਅਤੇ ਸਮਾਜਿਕ ਸਮਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਵਿਦਿਆਰਥੀਆਂ ਨੇ ਵਿਧਾਇਕ ਅਤੇ ਹੋਰਾਂ ਨਾਲ ਆਪਣੇ ਇਸ ਵਿਦਿਅਕ ਟੂਰ ਦੇ ਅਨੁਭਵ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ ਅਤੇ ਮਾਪਿਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਵਿਧਾਇਕ ਭੁੱਲਰ ਨੇ ਕਿਹਾ ਕਿ ਇਸ ਵਿੱਦਿਅਕ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਤਿਹਾਸਕ ਵਿਰਾਸਤ, ਸੱਭਿਆਚਾਰਕ ਧਰੋਹਰ ਅਤੇ ਆਧੁਨਿਕ ਵਿਕਾਸ ਬਾਰੇ ਜਾਣੂ ਕਰਵਾਉਣਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਜੈਪੁਰ ਦੇ ਪ੍ਰਸਿੱਧ ਇਤਿਹਾਸਕ ਸਥਾਨਾਂ ਦਾ ਦਰਸ਼ਨ ਕੀਤਾ ਅਤੇ ਉਥੋਂ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਨਾਲ ਰੂਬਰੂ ਹੋਏ। ਇਸ ਯਾਤਰਾ ਨੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚ ਅਤੇ ਦ੍ਰਿਸ਼ਟੀਕੋਣ ਨੂੰ ਵੀ ਵਿਸਤਾਰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਪ੍ਰਗਟ ਸਿੰਘ ਬਰਾੜ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਅਧਿਆਪਕ ਮੋਨਿਕਾ ਕਟਾਰੀਆ, ਰਾਜਬੀਰ ਸਿੰਘ, ਗੁਰਵਿੰਦਰ ਸਿੰਘ ਅਤੇ ਗੀਤਾ ਜ਼ੁਲਕਾ ਵਿਦਿਆਰਥੀਆਂ ਦੇ ਨਾਲ ਸਨ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਿਆ ਗਿਆ। ਇਹ ਟੂਰ ਵਿਦਿਆਰਥੀਆਂ ਲਈ ਯਾਦਗਾਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ। ਇਸ ਮੌਕੇ ਰਾਜ ਬਹਾਦਰ ਸਿੰਘ, ਅਮਰਿੰਦਰ ਸਿੰਘ ਬਰਾੜ, ਗੁਰਭੇਜ ਸਿੰਘ ਸਮੇਤ ਹੋਰ ਪਤਵੰਤੇ, ਸਕੂਲ ਦਾ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਆਦਿ ਹਾਜ਼ਰ ਸਨ।