ਨਗਰ ਕੌਂਸਲ ਫਿਰੋਜ਼ਪੁਰ ’ਚ ਮੁਲਾਜ਼ਮਾਂ ਦਾ ਧਰਨਾ ਲਗਾਤਰ ਜਾਰੀ
ਨਗਰ ਕੌਂਸਲ ਫਿਰੋਜ਼ਪੁਰ ’ਚ ਮੁਲਾਜ਼ਮਾਂ ਦਾ ਧਰਨਾ ਲਗਾਤਰ ਜਾਰੀ
Publish Date: Mon, 11 May 2026 03:31 PM (IST)
Updated Date: Mon, 11 May 2026 03:33 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਨਗਰ ਕੌਂਸਲ ਫਿਰੋਜ਼ਪੁਰ ਵਿਖੇ ਸਫਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਦਿਨ-ਬ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਮੁਲਾਜ਼ਮਾਂ ਨੇ ਕੰਮਕਾਜ ਠੱਪ ਰੱਖ ਕੇ ਨਗਰ ਕੌਂਸਲ ਦੇ ਗੇਟ ਅੱਗੇ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਡੈਨੀ ਅਤੇ ਹੋਰ ਮੁਲਾਜ਼ਮਾਂ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਨੂੰ ਮੁਕੰਮਲ ਤੌਰ ’ਤੇ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਊਟਸੋਰਸ ਅਤੇ ਕੰਟਰੈਕਟ ਅਧੀਨ ਕੰਮ ਕਰ ਰਹੇ ਮਾਲੀ, ਬੇਲਦਾਰ, ਸਫਾਈ ਸੇਵਕ, ਸੀਵਰਮੈਨ, ਫਾਇਰ ਬ੍ਰਿਗੇਡ ਮੁਲਾਜ਼ਮ, ਇਲੈਕਟਰੀਸ਼ਨ, ਪੰਪ ਆਪਰੇਟਰ ਅਤੇ ਕਲਰਕਾਂ ਨੂੰ ਸਿੱਧਾ ਵਿਭਾਗ ਦੇ ਅਧੀਨ ਕਰਕੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀਆਂ ਮੰਗਾਂ ਜਿਵੇਂ ਕਿ ਪੰਜਾਬ ਸਰਕਾਰ ਦੀ 2023 ਦੀ 10 ਸਾਲਾ ਨੀਤੀ ਨੂੰ ਰੱਦ ਕਰਕੇ, ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।ਸਮਾਨ ਕੰਮ ਲਈ ਸਮਾਨ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਸਫਾਈ ਕਰਮਚਾਰੀਆਂ ਲਈ ਵਿਸ਼ੇਸ਼ ਭੱਤਾ 1000 ਰੁਪਏ ਮਹੀਨਾ ਕੀਤਾ ਜਾਵੇ ਅਤੇ ਪੇ-ਕਮਿਸ਼ਨ ਦੇ ਬਕਾਏ ਸਮੇਤ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ। ਡਿਊਟੀ ਦੌਰਾਨ ਹੋਣ ਵਾਲੇ ਹਾਦਸਿਆਂ ਦੇ ਮੱਦੇਨਜ਼ਰ, ਐਕਸੀਡੈਂਟਲ ਬੀਮੇ ਦੀ ਰਕਮ 5 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕੀਤੀ ਜਾਵੇ।