ਬਾਰਡਰ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕਾਨਾ ਹੱਕਾਂ ਲਈ ਕਿਸਾਨਾਂ ਨੇ ਖੋਲ੍ਹਿਆ ਮੋਰਚਾ
ਬਾਰਡਰ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕਾਨਾ ਹੱਕਾਂ ਲਈ ਕਿਸਾਨਾਂ ਨੇ ਖੋਲ੍ਹਿਆ ਮੋਰਚਾ
Publish Date: Wed, 29 Apr 2026 06:00 PM (IST)
Updated Date: Wed, 29 Apr 2026 06:04 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਦੀ ਅਗਵਾਈ ਹੇਠ ਕਿਸਾਨਾਂ ਦੇ ਇਕ ਵਫਦ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਵਿਸ਼ੇਸ਼ ਮੰਗ ਪੱਤਰ ਭੇਜਿਆ ਗਿਆ। ਇਸ ਮੰਗ ਪੱਤਰ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੀਆਂ ਜ਼ਮੀਨਾਂ ਨੂੰ ਵਾਹ ਰਹੇ ਕਾਸ਼ਤਕਾਰ ਕਿਸਾਨਾਂ ਦੀਆਂ ਚਿਰੋਕਣੀ ਲਟਕਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਇਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਜ਼ਮੀਨਾਂ ਦੇਸ਼ ਦੀ ਵੰਡ ਤੋਂ ਬਾਅਦ ਕਿਸਾਨਾਂ ਨੇ ਸਖ਼ਤ ਮਿਹਨਤ ਨਾਲ ਉਪਜਾਊ ਬਣਾਈਆਂ ਸਨ, ਪਰ ਸਾਲ 2007 ਦੀ ਇਕ ਨੀਤੀ ਕਾਰਨ ਇਨ੍ਹਾਂ ਦੇ ਮਾਲਕਾਨਾ ਹੱਕਾਂ ’ਤੇ ਤਲਵਾਰ ਲਟਕ ਗਈ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕਾਨੂੰਨੀ ਹੱਕ ਬਹਾਲ ਕੀਤੇ ਜਾਣ ਅਤੇ ਰੁਕਿਆ ਹੋਇਆ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਹੱਦੀ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਾਲਕਾਨਾ ਹੱਕਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੀਆਂ ਜ਼ਮੀਨਾਂ ’ਤੇ ਕਿਸਾਨ ਪਿਛਲੇ ਕਈ ਦਹਾਕਿਆਂ ਤੋਂ ਕਾਬਜ਼ ਹਨ। ਵੰਡ ਦੇ ਸਮੇਂ ਇਹ ਜ਼ਮੀਨਾਂ ਬੰਜਰ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਆਪਣੀ ਖੂਨ-ਪਸੀਨੇ ਦੀ ਕਮਾਈ ਅਤੇ ਸਖ਼ਤ ਮੁਸ਼ੱਕਤ ਨਾਲ ਵਾਹੁਣਯੋਗ ਬਣਾਇਆ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਜ਼ਮੀਨਾਂ ਦੀ ਗਿਰਦਾਵਰੀ ਅਤੇ ਇੰਤਕਾਲ ਕਾਸ਼ਤਕਾਰ ਕਿਸਾਨਾਂ ਦੇ ਨਾਮ ’ਤੇ ਦਰਜ ਸਨ, ਪਰ ਸਾਲ 2007 ਵਿਚ ਸਰਕਾਰ ਵੱਲੋਂ ਲਿਆਂਦੀ ਗਈ ਇਕ ਪਾਲਸੀ ਤਹਿਤ ਇਨ੍ਹਾਂ ਕਿਸਾਨਾਂ ਦੇ ਨਾਮ ਤੋਂ ਇੰਤਕਾਲ ਤੋੜ ਦਿੱਤੇ ਗਏ ਸਨ। ਇਸ ਤੋਂ ਬਾਅਦ ਇਨ੍ਹਾਂ ਜ਼ਮੀਨਾਂ ਦੀ ਮਾਲਕੀ ਮੁੜ ਕੇਂਦਰ ਸਰਕਾਰ ਦੇ ਨਾਮ ਕਰ ਦਿੱਤੀ ਗਈ, ਜਦਕਿ ਅਸਲ ਕਬਜ਼ਾ ਅਤੇ ਖੇਤੀ ਅੱਜ ਵੀ ਉਨ੍ਹਾਂ ਹੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇੰਤਕਾਲ ਟੁੱਟ ਜਾਣ ਕਾਰਨ ਕਿਸਾਨਾਂ ਨੂੰ ਵੱਡੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਕਾਸ਼ਤਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਬਣਦਾ ਮੁਆਵਜ਼ਾ ਵੀ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਰਹੱਦੀ ਪੱਟੀ ਦੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ 2007 ਦੀ ਪਾਲਸੀ ਨੂੰ ਮੁੜ ਵਿਚਾਰਿਆ ਜਾਵੇ ਅਤੇ ਕਿਸਾਨਾਂ ਦੇ ਨਾਮ ’ਤੇ ਇੰਤਕਾਲ ਬਹਾਲ ਕਰਕੇ ਉਨ੍ਹਾਂ ਨੂੰ ਬਣਦੀਆਂ ਰਕਮਾਂ ਅਦਾ ਕੀਤੀਆਂ ਜਾਣ। ਇਸ ਮੌਕੇ ਬਲਜਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ ਲੱਖੋ ਕੇ ਬਹਿਰਾਮ, ਅਮਰਜੀਤ ਸਿੰਘ ਬਲਾਕ ਮੀਤ ਪ੍ਰਧਾਨ ਲੱਖੋ ਕੇ ਬਹਿਰਾਮ, ਹੀਰਾ ਸਿੰਘ ਸੀਨੀਅਰ ਆਗੂ ਤਾਰੇ ਵਾਲਾ, ਸੁਰਜੀਤ ਸਿੰਘ ਟਾਹਲੀ ਵਾਲਾ ਅਤੇ ਯਾਦਵਿੰਦਰ ਸਿੰਘ ਯਾਦੂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਮੌਜ਼ੂਦ ਸਨ।