11 ਜੂਨ ਨੂੰ ਫਿਰੋਜ਼ਸ਼ਾਹ ਟੋਲ ਪਲਾਜ਼ਾ ਹੋਵੇਗਾ ਫਰੀ : ਬੀਕੇਯੂ ਏਕਤਾ ਮਝੈਲ
ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਕਿਸਾਨਾਂ ਨੇ ਵਿੱਢੀ ਮੁਹਿੰਮ
Publish Date: Fri, 08 May 2026 03:56 PM (IST)
Updated Date: Fri, 08 May 2026 03:56 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵੱਲੋਂ ਅੱਜ ਬਲਾਕ ਘੱਲ ਖੁਰਦ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਭਾਰਤ ਤੇ ਅਮਰੀਕਾ ਦਰਮਿਆਨ ਹੋਣ ਵਾਲੇ ਵਪਾਰਕ ਸਮਝੌਤੇ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਗਈ। ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਅਤੇ ਆਗੂ ਨਿਸ਼ਾਨ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਇਹ ਵਪਾਰਕ ਸਮਝੌਤਾ ਖੇਤੀਬਾੜੀ ਅਤੇ ਕਿਰਤੀ ਵਰਗ ਦੇ ਹਿੱਤਾਂ ਲਈ ਘਾਤਕ ਸਿੱਧ ਹੋਵੇਗਾ, ਜਿਸ ਨੂੰ ਰੱਦ ਕਰਵਾਉਣ ਲਈ ਪਿੰਡ-ਪਿੰਡ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਸ ਸੰਘਰਸ਼ ਨੂੰ ਤਿੱਖਾ ਕਰਦਿਆਂ ਆਉਣ ਵਾਲੀ 11 ਜੂਨ ਨੂੰ ਫਿਰੋਜ਼ਸ਼ਾਹ ਟੋਲ ਪਲਾਜ਼ਾ ਨੂੰ ਰੋਸ ਵਜੋਂ ਪਰਚੀ ਮੁਕਤ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਅਤੇ ਨਿਸ਼ਾਨ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਕਿਸਾਨੀ ਦੀ ਆਰਥਿਕਤਾ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੇ ਅੰਨਦਾਤੇ ਅਤੇ ਮਜ਼ਦੂਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਇਸ ਸਮਝੌਤੇ ਨੂੰ ਕੈਂਸਲ ਕਰਵਾਉਣ ਲਈ ਜਥੇਬੰਦੀ ਵੱਲੋਂ ਇਕ ਵੱਡੀ ਰਣਨੀਤੀ ਉਲੀਕੀ ਗਈ ਹੈ, ਜਿਸ ਤਹਿਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੇ ਪਹਿਲੇ ਪੜਾਅ ਵਜੋਂ 11 ਜੂਨ 2026 ਨੂੰ ਫਿਰੋਜ਼ਸ਼ਾਹ ਟੋਲ ਪਲਾਜ਼ਾ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਫਰੀ ਰੱਖਿਆ ਜਾਵੇਗਾ ਤਾਂ ਜੋ ਸਰਕਾਰ ਤੱਕ ਰੋਸ ਪਹੁੰਚਾਇਆ ਜਾ ਸਕੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨ ਵਿਰੋਧੀ ਨੀਤੀਆਂ ਨਾ ਤਿਆਗੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖੇ ਐਕਸ਼ਨ ਉਲੀਕੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਘੱਲ ਖੁਰਦ ਜੁਗਰਾਜ ਸਿੰਘ ਚੰਗਾਲੀ ਕਦੀਮ, ਜ਼ਿਲ੍ਹਾ ਕਮੇਟੀ ਮੈਂਬਰ ਸੁਖਦੀਪ ਸਿੰਘ ਸੱਦੂਸ਼ਾਹ ਅਤੇ ਇਕਾਈ ਪ੍ਰਧਾਨ ਗੁਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਮੀਟਿੰਗ ਵਿਚ ਹਰਜਿੰਦਰ ਸਿੰਘ ਇਕਾਈ ਪ੍ਰਧਾਨ ਚੰਗਾਲੀ ਕਦੀਮ ਜਦੀਦ, ਸਤਿੰਦਰ ਸਿੰਘ ਇਕਾਈ ਪ੍ਰਧਾਨ ਚੰਗਾਲੀ ਕਦੀਮ, ਅਮੋਲਕ ਸਿੰਘ ਇਕਾਈ ਪ੍ਰਧਾਨ ਢੋਲੇ ਵਾਲਾ ਅਤੇ ਬਲਦੇਵ ਰਾਜ ਭਾਲਾ ਫਰਾਈ ਮੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਬਲਾਕ ਟੀਮ ਦੇ ਮੈਂਬਰ ਗੁਰਮੇਲ ਸਿੰਘ, ਹਰਦਿਆਲ ਸਿੰਘ ਅਤੇ ਵਰਿੰਦਰ ਸਿੰਘ ਸਮੇਤ ਅਨੇਕਾਂ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਦੇ ਹਰ ਫੈਸਲੇ ’ਤੇ ਡਟ ਕੇ ਪਹਿਰਾ ਦੇਣਗੇ।