ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ
ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ
Publish Date: Fri, 08 May 2026 05:38 PM (IST)
Updated Date: Fri, 08 May 2026 05:38 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਮਕਸਦ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਟੀ (ਪੀਏਯੂ) ਲੁਧਿਆਣਾ ਵਿਖੇ ਕਰਵਾਏ ਗਏ ‘ਟਿਕਾਊ ਖੇਤੀ ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਮੇਲਨ’ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀਏਯੂ ਲੁਧਿਆਣਾ ਨੇ ਕੀਤੀ। ਪੀਏਯੂ ਲੁਧਿਆਣਾ ਕਲੀਨ ਏਅਰ, ਸਾਂਝ ਅਤੇ ਆਸਰਾ ਸੰਸਥਾ ਵੱਲੋਂ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਉਨ੍ਹਾਂ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ‘ਅਗਾਂਹਵਧੂ ਕਿਸਾਨਾਂ-ਗਰੀਨ ਚੈਂਪੀਅਨਜ਼’ ਨੂੰ ਉਤਸ਼ਾਹਿਤ ਕਰਨਾ ਸੀ, ਜਿਨ੍ਹਾਂ ਨੇ ਖੇਤੀਬਾੜੀ ਵਿਚ ਆਧੁਨਿਕ ਤਕਨੀਕਾਂ ਅਪਣਾ ਕੇ ਵਾਤਾਵਰਣ ਦੀ ਸੰਭਾਲ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ। ਇਸ ਸੰਮੇਲਨ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਣਕਿਆਂ ਵਾਲੀ ਦੇ ਨੌਜਵਾਨ ਕਿਸਾਨ ਪ੍ਰਭਜੋਤ ਸਿੰਘ ਅਤੇ ਮਨਪ੍ਰੀਤ ਸਿੰਘ, ਪਿੰਡ ਸ਼ਕੂਰ ਦੇ ਵੀਰ ਸਿੰਘ ਅਤੇ ਜਸਪਾਲ ਸਿੰਘ, ਪਿੰਡ ਲੂੰਬੜੀਵਾਲਾ ਤੋਂ ਮਨਦੀਪ ਸਿੰਘ, ਪਿੰਡ ਖੰਨਾ ਤੋਂ ਪਰਮਜੀਤ ਸਿੰਘ ਅਤੇ ਸ. ਗੁਰਨਾਮ ਸਿੰਘ ਅਤੇ ਪਿੰਡ ਮਿਰਜੇ ਕੇ ਤੋਂ ਨੌਜਵਾਨ ਕਿਸਾਨ ਸ਼ਗਨਦੀਪ ਸਿੰਘ ਅਤੇ ਤਰਸੇਮ ਸਿੰਘ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸਫ਼ਲ ਪ੍ਰਬੰਧਨ ਲਈ ਸਨਮਾਨ ਦੇ ਕੇ ਨਿਵਾਜਿਆ ਗਿਆ। ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਉਸ ਨੂੰ ਖੇਤਾਂ ਵਿੱਚ ਹੀ ਜਜ਼ਬ ਕਰਨ ਜਾਂ ਉਦਯੋਗਿਕ ਵਰਤੋਂ ਲਈ ਵਰਤ ਕੇ ਹੋਰਨਾਂ ਕਿਸਾਨਾਂ ਲਈ ਇੱਕ ਮਿਸਾਲ ਪੈਦਾ ਕੀਤੀ ਹੈ। ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਨੇ ਸਨਮਾਨਿਤ ਕਿਸਾਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿੱਟੀ ਦੀ ਸਿਹਤ ਸੁਧਾਰਨ ਅਤੇ ਖਾਦਾਂ ਦੀ ਸਹੀ ਵਰਤੋਂ ਲਈ ਤਕਨੀਕੀ ਸਹਾਇਤਾ ਦੇ ਨਾਲ ਨਾਲ ਮਸ਼ੀਨਰੀ ਵੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਹ ਅਗਾਂਹਵਧੂ ਕਿਸਾਨ ਕੇਵੀਕੇ ਦੇ ਸੁਨੇਹੇ ਅੱਗੇ ਹੋਰਨਾਂ ਕਿਸਾਨਾਂ ਤੱਕ ਪਹੁੰਚਾ ਕੇ ਵੱਖਰੀ ਮਿਸਾਲ ਪੈਦਾ ਕਰ ਰਹੇ ਹਨ। ਇਸ ਮੌਕੇ ਬਾਕੀ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਵੀ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਸਨਮਾਨ ਪ੍ਰਾਪਤ ਕੀਤੇ ਅਤੇ ਅੱਗੇ ਵੀ ਵਾਤਾਵਰਣ ਪੱਖੀ ਖੇਤੀ ਕਰਨ ਦਾ ਅਹਿਦ ਲਿਆ।