Fazilka News : ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ, ਪਾਵਨ ਸਰੂਪ ਅਗਨ ਭੇਟ
ਜਲਾਲਾਬਾਦ ਦੇ ਪਿੰਡ ਬਾਰੇਕੇ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਅੱਧੀ ਰਾਤ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।
Publish Date: Sun, 31 May 2026 06:34 PM (IST)
Updated Date: Sun, 31 May 2026 06:36 PM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ: ਜਲਾਲਾਬਾਦ ਦੇ ਪਿੰਡ ਬਾਰੇਕੇ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਅੱਧੀ ਰਾਤ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਅੱਗ ਲੱਗਣ ਦੀ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਿਰੋਜ਼ਪੁਰ ਇੰਚਾਰਜ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਪਿਛਲੇ ਚਾਰ-ਪੰਜ ਦਿਨਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਹੋਏ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਦੌਰਾਨ ਗੁਰਦੁਆਰਾ ਸਾਹਿਬ ਦੀ ਦੇਖਭਾਲ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੇ ਸੇਵਾਮੁਕਤ ਐੱਸਐੱਚਓ ਪੰਜਾਬ ਸਿੰਘ ਨੂੰ ਸੌਂਪੀ ਗਈ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਸੁਖਆਸਨ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਸਵੇਰੇ ਕਰੀਬ 5 ਵਜੇ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਚੋਂ ਧੂੰਆਂ ਨਿਕਲਦਾ ਦੇਖਿਆ। ਜਦੋਂ ਤਾਲਾ ਖੋਲ੍ਹ ਕੇ ਅੰਦਰ ਦੇਖਿਆ ਗਿਆ ਤਾਂ ਅੱਗ ਲੱਗੀ ਹੋਈ ਸੀ। ਪਿੰਡ ਵਾਸੀਆਂ ਨੇ ਤੁਰੰਤ ਯਤਨ ਕਰ ਕੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਚੁੱਕਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਜਲਾਲਾਬਾਦ ਦੇ ਐੱਸਐੱਚਓ ਜੁਗਰਾਜ ਸਿੰਘ ਅਤੇ ਡੀਐੱਸਪੀ ਗੁਰਸੇਵਕ ਸਿੰਘ ਬਰਾੜ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਗ੍ਰੰਥੀ ਸਿੰਘ ਦੇ ਕਮਰੇ ਜਾਂ ਗੁਰਦੁਆਰਾ ਸਾਹਿਬ ਅੰਦਰ ਲੱਗੇ ਪੱਖਿਆਂ ਵਿਚ ਸ਼ਾਰਟ ਸਰਕਟ ਹੋਣਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਤੋਂ ਮਿਲਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।