ਗਣਤੰਤਰ ਦਿਵਸ ਦੇ ਚਲਦਿਆਂ ਫਾਜ਼ਿਲਕਾ ਪੁਲਿਸ ਨੇ ਕੱਢਿਆ ਫਲੈਗ ਮਾਰਚ
ਗਣਤੰਤਰ ਦਿਵਸ ਦੇ ਚਲਦਿਆਂ ਫਾਜ਼ਿਲਕਾ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ
Publish Date: Sun, 25 Jan 2026 06:16 PM (IST)
Updated Date: Sun, 25 Jan 2026 06:19 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਗਣਤੰਤਰ ਦਿਵਸ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਫਲੈਗ ਮਾਰਚ ਕੱਢਿਆ ਗਿਆ। ਜਾਣਕਾਰੀ ਦਿੰਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਫਲੈਗ ਮਾਰਚ ਦਾ ਉਦੇਸ਼ ਆਮ ਜਨਤਾ ਵਿੱਚ ਸੁਰੱਖਿਆ ਦਾ ਅਹਿਸਾਸ ਪੈਦਾ ਕਰਨਾ, ਸ਼ਰਾਰਤੀ ਤੱਤਾਂ ਨੂੰ ਚੇਤਾਵਨੀ ਦੇਣਾ ਅਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਹਿਯੋਗ ਨੂੰ ਪ੍ਰੋਤਸਾਹਿਤ ਕਰਨਾ ਸੀ।ਫਾਜ਼ਿਲਕਾ ਪੁਲਿਸ ਪੂਰੀ ਤਰ੍ਹਾਂ ਸਤੱਰਕ ਹੈ ਅਤੇ ਗਣਤੰਤਰ ਦਿਵਸ ਦੇ ਸਮਾਗਮਾਂ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਲਈ ਵਚਨਬੱਧ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖਤ ਕਰ ਦਿੱਤਾ ਗਿਆ ਹੈ। ਉਨ੍ਹਾਂ ਸੁਰੱਖਿਆ ਵਿਵਸਥਾ ਅਤੇ ਆਗਾਮੀ ਰਾਜ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਚਲਦਿਆਂ ਫਾਜ਼ਿਲਕਾ ਵਿੱਚ ਗਣਤੰਤਰ ਦਿਵਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅਪਰਾਧੀਆਂ ਤੇ ਸ਼ਿਕੰਜਾ ਐਸਐਸਪੀ ਫਾਜ਼ਿਲਕਾ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਆਪ੍ਰੇਸ਼ਨ ਪ੍ਰਹਾਰ ਚਲਾਇਆ ਜਾ ਰਿਹਾ ਹੈ। ਇਹ ਮੁਹਿੰਮ ਸੰਗਠਿਤ ਅਪਰਾਧ ਅਤੇ ਅਪਰਾਧੀਆਂ ਦੇ ਖਿਲਾਫ ਹੈ। ਪਿਛਲੇ ਕੁਝ ਦਿਨਾਂ ਵਿੱਚ ਜ਼ਿਲ੍ਹਾ ਪੁਲਿਸ ਨੇ ਕਈ ਸ਼ੱਕੀ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਦਾ ਮੁੱਖ ਫੋਕਸ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ ਹੈ, ਜਿਸ ਵਿੱਚ ਉਨ੍ਹਾਂ ਦੇ ਮਦਦਗਾਰਾਂ ਅਤੇ ਕਰੀਬੀਆਂ ਤੇ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਸਰਹੱਦੀ ਖੇਤਰਾਂ ’ਚ ਸਖ਼ਤ ਨਿਗਰਾਨੀ ਤੇ ਸੁਰੱਖਿਆ ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਸੁਰੱਖਿਆ ਦੇ ਨਜ਼ਰੀਏ ਤੋਂ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਪੰਜਾਬ ਪੁਲਿਸ, ਬੀਐਸਐਫ ਅਤੇ ਫੌਜ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਸਰਹੱਦ ਨਾਲ ਲੱਗਦੀਆਂ ਸੜਕਾਂ ਅਤੇ ਸੰਪਰਕ ਰਸਤਿਆਂ ਤੇ ਸਾਂਝੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਰਾਤ ਦੇ ਸਮੇਂ ਵੀ ਨਾਕਾਬੰਦੀ ਅਤੇ ਡੋਮੀਨੇਸ਼ਨ ਪੈਟਰੋਲਿੰਗ ਵਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਿਆ ਜਾ ਸਕੇ। ਟ੍ਰੈਫਿਕ ਨਿਯਮਾਂ ਤੇ ਬਿਨਾਂ ਨੰਬਰ ਵਾਲੇ ਵਾਹਨਾਂ ’ਤੇ ਸਖ਼ਤ ਕਾਰਵਾਈ ਇਲਾਕਿਆਂ ਵਿੱਚ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ਚਲਾਉਣ ਵਾਲਿਆਂ ਖਿਲਾਫ ਪੁਲਿਸ ਨੇ ਮੁਹਿੰਮ ਤੇਜ਼ ਕਰ ਦਿੱਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਅਪਰਾਧੀ ਅਕਸਰ ਅਜਿਹੇ ਵਾਹਨਾਂ ਦੀ ਵਰਤੋਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕਰਦੇ ਹਨ। ਸ਼ਹਿਰ ਦੇ ਮੁੱਖ ਚੌਕਾਂ ਤੇ ਚੈਕਿੰਗ ਦੌਰਾਨ ਅਜਿਹੇ ਕਈ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਜਨਤਾ ਨੂੰ ਸਹਿਯੋਗ ਦੀ ਅਪੀਲ ਐਸਐਸਪੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਰਾਜ ਪੱਧਰ ਤੇ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੇ ਲੋਕ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਰੱਖਣ ਵਾਲੇ ਜਾਂ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਖਿਲਾਫ ਵੀ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਦਾ ਟੀਚਾ ਇੱਕ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ।