ਗ੍ਰਿਫ਼ਤਾਰ ਦੋਸ਼ੀਆਂ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਏ। ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਹੈਰੋਇਨ ਪਾਕਿਸਤਾਨ ਵਿੱਚ ਬੈਠੇ ਰਿਆਜ਼ ਨਾਮਕ ਸਮੱਗਲਰ ਵੱਲੋਂ ਸਰਹੱਦ ਤੇ ਲੱਗੀ ਤਾਰ ਤੋਂ ਥਰੋ ਕਰਕੇ ਭੇਜੀ ਗਈ ਸੀ। ਦੋਸ਼ੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਹੈਰੋਇਨ ਦੀ ਇਕ ਹੋਰ ਖੇਪ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੀ ਉਨ੍ਹਾਂ ਦੇ ਖੇਤਾਂ ਵਿਚ ਟਿਊਬਵੈੱਲ ਕੋਲ ਦੱਬੀ ਹੋਈ ਹੈ।

ਕੇਵਲ ਅਹੂਜਾ, ਪੰਜਾਬੀ ਜਾਗਰਣ, ਮਖੂ: ਨਸ਼ਿਆਂ ਖ਼ਿਲਾਫ਼ ਚੱਲ ਰਹੀ ਸੂਬਾ ਸਰਕਾਰ ਦੀ ਮੁਹਿੰਮ ਤਹਿਤ ਥਾਣਾ ਮਖੂ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਜਾਲ ਨੂੰ ਕਰਾਰਾ ਝਟਕਾ ਦਿੱਤਾ ਹੈ। ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਥਾਣਾ ਮਖੂ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਸਿੱਧੂ ਐੱਸਐੱਸਪੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸਪਾਲ ਸਿੰਘ ਢਿੱਲੋਂ ਡੀਐੱਸਪੀ ਸਬ ਡਵੀਜ਼ਨ ਜ਼ੀਰਾ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਮਖੂ ਦੀ ਅਗਵਾਈ ਹੇਠ ਏਐੱਸਆਈ ਜਗਦੀਪ ਸਿੰਘ ਥਾਣਾ ਮਖੂ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਪੱਧਰੀ ਦੇ ਨੇੜੇ ਦੋ ਦੋਸ਼ੀਆਂ ਨੂੰ ਸ਼ੱਕ ਦੇ ਆਧਾਰ 'ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।
ਕਾਬੂ ਕੀਤੇ ਇਨ੍ਹਾਂ ਦੋਸ਼ੀਆਂ ਦੀ ਪਛਾਣ ਪ੍ਰਭਸਿਮਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ਼ ਚੰਨਣ ਪੁੱਤਰ ਦੀਦਾਰ ਸਿੰਘ,ਦੋਵੇਂ ਵਾਸੀ ਪਿੰਡ ਲਾਲਚੀਆਂ ਉਰਫ਼ ਚੱਕ ਮੋਬੀਆ ਹਰਦੋ ਢੰਡੀ, ਥਾਣਾ ਲੱਖੋ ਕੇ ਬਹਿਰਾਮ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਡੀਐਸਪੀ ਜਸਪਾਲ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਇਹਨਾਂ ਕਾਬੂ ਕੀਤੇ ਵਿਅਕਤੀਆਂ ਦੀ ਤਲਾਸ਼ੀ ਲੈਣ ਤੇ ਇਹਨਾਂ ਦੇ ਕਬਜ਼ੇ ਵਿੱਚੋਂ 01 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 16 ਮਿਤੀ 19-01-2026, ਧਾਰਾ 21(ਸੀ), 61, 85 ਐੱਨਡੀਪੀਐੱਸ ਐਕਟ ਅਧੀਨ ਥਾਣਾ ਮਖੂ ਵਿਖੇ ਏਐੱਸਆਈ ਜਗਦੀਪ ਸਿੰਘ ਵੱਲੋਂ ਦਰਜ ਕੀਤਾ ਗਿਆ।
ਗ੍ਰਿਫ਼ਤਾਰ ਦੋਸ਼ੀਆਂ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਏ। ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਹੈਰੋਇਨ ਪਾਕਿਸਤਾਨ ਵਿੱਚ ਬੈਠੇ ਰਿਆਜ਼ ਨਾਮਕ ਸਮੱਗਲਰ ਵੱਲੋਂ ਸਰਹੱਦ ਤੇ ਲੱਗੀ ਤਾਰ ਤੋਂ ਥਰੋ ਕਰਕੇ ਭੇਜੀ ਗਈ ਸੀ। ਦੋਸ਼ੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਹੈਰੋਇਨ ਦੀ ਇਕ ਹੋਰ ਖੇਪ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੀ ਉਨ੍ਹਾਂ ਦੇ ਖੇਤਾਂ ਵਿਚ ਟਿਊਬਵੈੱਲ ਕੋਲ ਦੱਬੀ ਹੋਈ ਹੈ।
ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ ਐੱਸਐੱਚਓ ਮਖੂ ਇੰਸਪੈਕਟਰ ਗੁਰਮੀਤ ਸਿੰਘ ਅਤੇ ਡੀਐੱਸਪੀ ਸਬ ਡਵੀਜ਼ਨ ਜ਼ੀਰਾ ਜਸਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋ ਪੈਕਟਾਂ ਵਿੱਚ ਬੰਦ ਹੋਰ 1 ਕਿਲੋ 37 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤਰ੍ਹਾਂ ਇਸ ਮਾਮਲੇ ਵਿੱਚ ਕੁੱਲ ਹੈਰੋਇਨ ਦੀ ਬਰਾਮਦਗੀ 2 ਕਿਲੋ 537 ਗ੍ਰਾਮ ਹੋ ਗਈ ਹੈ।ਦੋਵੇਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਪੁਲਿਸ ਨੂੰ ਦੋਸ਼ੀਆਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਬਰਾਮਦਗੀ ਸਮੇਤ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਅਤੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅਜਿਹੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।