ਫਿਰੋਜ਼ਪੁਰ ਪੁਲਿਸ ਨੇ ਚਲਾਇਆ ‘ਕਾਸੋ’ ਸਰਚ ਆਪਰੇਸ਼ਨ
ਫਿਰੋਜ਼ਪੁਰ ਪੁਲਿਸ ਨੇ ਚਲਾਇਆ ‘ਕਾਸੋ’ ਸਰਚ ਆਪਰੇਸ਼ਨ
Publish Date: Tue, 28 Apr 2026 04:24 PM (IST)
Updated Date: Tue, 28 Apr 2026 04:34 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਦੇ ਤਹਿਤ’ ਫਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ ’ਤੇ ਅਮਲ ਕਰਦਿਆਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸੰਭਾਵਿਤ ਟਿਕਾਣਿਆਂ ਅਤੇ ਘਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਕਈ ਅਹਿਮ ਦਸਤਾਵੇਜ਼ਾਂ ਤੇ ਸਮੱਗਰੀ ਦੀ ਜਾਂਚ ਕੀਤੀ ਗਈ। ਫਿਰੋਜ਼ਪੁਰ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਅੱਜ ਫਿਰੋਜ਼ਪੁਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਸਥਾਨਕ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿਚ ਨਜ਼ਰ ਆਇਆ। ਐੱਸਐੱਸਪੀ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਵੇਰ ਤੋਂ ਹੀ ਪੁਲਿਸ ਦੀਆਂ ਭਾਰੀ ਨਫ਼ਰੀ ਵਾਲੀਆਂ ਟੀਮਾਂ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ ਨੂੰ ਘੇਰ ਕੇ ਵਿਸ਼ੇਸ਼ ਸਰਚ ਆਪਰੇਸ਼ਨ ਸ਼ੁਰੂ ਕੀਤਾ। ਪੁਲਿਸ ਦੀ ਇਸ ਕਾਰਵਾਈ, ਜਿਸ ਨੂੰ ‘ਕਾਸੋ’ ਕਿਹਾ ਜਾਂਦਾ ਹੈ ਦਾ ਮਕਸਦ ਨਾ ਸਿਰਫ ਨਸ਼ਾ ਤਸਕਰਾਂ ਨੂੰ ਫੜਨਾ ਹੈ, ਸਗੋਂ ਸਮਾਜ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ। ਆਪਰੇਸ਼ਨ ਦੌਰਾਨ ਪੁਲਿਸ ਨੇ ਉਨ੍ਹਾਂ ਪਿੰਡਾਂ ਅਤੇ ਮੁਹੱਲਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜੋ ਨਸ਼ਾ ਤਸਕਰੀ ਲਈ ਬਦਨਾਮ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਵੇਚਣ ਦੇ ਕਾਰੋਬਾਰ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਇਕ ਸੂਚੀ ਤਿਆਰ ਕੀਤੀ ਗਈ ਸੀ, ਜਿਸ ਦੇ ਆਧਾਰ ’ਤੇ ਅੱਜ ਉਨ੍ਹਾਂ ਦੇ ਘਰਾਂ ਅਤੇ ਲੁਕਣ ਵਾਲੀਆਂ ਥਾਵਾਂ ’ਤੇ ਛਾਪੇ ਮਾਰੇ ਗਏ। ਤਲਾਸ਼ੀ ਦੌਰਾਨ ਹਰੇਕ ਸ਼ੱਕੀ ਵਸਤੂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਪੁਲਿਸ ਮੁਖੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਿਰੋਜ਼ਪੁਰ ਪੁਲਿਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਨਾ ਸਿਰਫ ਸਾਡੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ, ਸਗੋਂ ਇਹ ਕਈ ਹੋਰ ਅਪਰਾਧਾਂ ਦੀ ਜੜ੍ਹ ਵੀ ਹੈ। ਅੱਜ ਦੇ ਆਪਰੇਸ਼ਨ ਦੌਰਾਨ ਜਨਤਕ ਥਾਵਾਂ, ਪਾਰਕਾਂ ਅਤੇ ਸ਼ੱਕੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਵਿਚ ਡੌਗ ਸਕੁਐਡ ਦੀ ਸਹਾਇਤਾ ਵੀ ਲਈ ਗਈ ਤਾਂ ਜੋ ਕੋਈ ਵੀ ਅਪਰਾਧੀ ਪੁਲਿਸ ਦੀ ਨਜ਼ਰ ਤੋਂ ਬਚ ਨਾ ਸਕੇ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਬਿਨ੍ਹਾ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਨੇ ਚਿਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਨਸ਼ਾ ਵੇਚਣ ਜਾਂ ਤਸਕਰਾਂ ਨੂੰ ਪਨਾਹ ਦੇਣ ਵਿਚ ਸ਼ਾਮਲ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।