ਫਿਰੋਜ਼ਪੁਰ ਰੇਲ ਮੰਡਲ ਵੱਲੋਂ ‘ਇਕ ਰੁੱਖ ਮਾਂ ਦੇ ਨਾਮ’ ਤਹਿਤ ਲਗਾਏ ਬੂਟੇ
ਫਿਰੋਜ਼ਪੁਰ ਰੇਲ ਮੰਡਲ ਵੱਲੋਂ ਵਾਤਾਵਰਣ ਦੀ ਸੰਭਾਲ ਲਈ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਲਗਾਏ ਗਏ ਪੌਦੇ
Publish Date: Wed, 27 May 2026 04:28 PM (IST)
Updated Date: Wed, 27 May 2026 04:28 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਸ਼ਵ ਵਾਤਾਵਰਣ ਦਿਵਸ ਮੁਹਿੰਮ ਤਹਿਤ ਵਾਤਾਵਰਣ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਅੱਜ 27 ਮਈ ਨੂੰ ਫਿਰੋਜ਼ਪੁਰ ਮੰਡਲ ਵਿਚ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੇ ਅਧੀਨ ਇੱਕ ਵਿਸ਼ਾਲ ਪੌਦੇ ਲਗਾਉਣ ਦੇ ਪ੍ਰੋਗਰਾਮ ਦਾ ਆਯੋਜਨ ਬਹੁਤ ਹੀ ਉਤਸ਼ਾਹ ਨਾਲ ਕੀਤਾ ਗਿਆ। ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਮੰਡਲ ਰੇਲ ਪ੍ਰਬੰਧਕ ਦਫ਼ਤਰ ਫਿਰੋਜ਼ਪੁਰ ਦੇ ਕੰਪਲੈਕਸ ਵਿਚ ਸਮੂਹਿਕ ਤੌਰ ’ਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਰੇਲਵੇ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦਾ ਪ੍ਰਣ ਲਿਆ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਕਿਹਾ ਕਿ ਮੌਜ਼ੂਦਾ ਸਮੇਂ ਵਿਚ ਵਾਤਾਵਰਣ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਅਤੇ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਵੱਧ ਤੋਂ ਵੱਧ ਪੌਦੇ ਲਗਾਉਣਾ ਹੀ ਗਲੋਬਲ ਵਾਰਮਿੰਗ ਵਰਗੀਆਂ ਗੰਭੀਰ ਚੁਣੌਤੀਆਂ ਅਤੇ ਖ਼ਤਰਿਆਂ ਤੋਂ ਬਚਣ ਦਾ ਸਭ ਤੋਂ ਕਾਰਗਰ ਅਤੇ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਨੇ ਸਮੂਹ ਰੇਲਵੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧੇਰੇ ਪ੍ਰੇਰਿਤ ਕਰਦੇ ਹੋਏ ਅਪੀਲ ਕੀਤੀ ਕਿ ਉਹ ਸਾਰੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣੀ ਪੂਜਨੀਕ ਮਾਂ ਦੇ ਨਾਮ ’ਤੇ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਧਰਤੀ ਮਾਂ ਦੀ ਸੇਵਾ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਸੀਨੀਅਰ ਮੰਡਲ ਮਕੈਨੀਕਲ ਇੰਜੀਨੀਅਰ ਭੁਪਿੰਦਰ, ਸੀਨੀਅਰ ਮੰਡਲ ਪ੍ਰਸੋਨਲ ਅਫ਼ਸਰ ਸਾਕਸ਼ੀ ਸਿੰਘ, ਸੀਨੀਅਰ ਮੰਡਲ ਸੁਰੱਖਿਆ ਕਮਿਸ਼ਨਰ ਰਿਸ਼ੀ ਪਾਂਡੇ ਅਤੇ ਸੀਨੀਅਰ ਮੰਡਲ ਕਮਰਸ਼ੀਅਲ ਮੈਨੇਜਰ/ਫਰੇਟ ਪਰਮਦੀਪ ਸਿੰਘ ਸੈਨੀ ਸਮੇਤ ਹੋਰ ਕਈ ਪ੍ਰਮੁੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੌਦੇ ਲਗਾਏ। ਇਸ ਤੋਂ ਇਲਾਵਾ ਫਿਰੋਜ਼ਪੁਰ ਮੰਡਲ ਦੇ ਅਧੀਨ ਆਉਂਦੇ ਵੱਖ-ਵੱਖ ਮੁੱਖ ਰੇਲਵੇ ਸਟੇਸ਼ਨਾਂ ’ਤੇ ਵੀ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੇ ਤਹਿਤ ਸਮੂਹਿਕ ਤੌਰ ’ਤੇ ਬੂਟੇ ਲਗਾਏ ਗਏ, ਤਾਂ ਜੋ ਆਮ ਜਨਤਾ ਵਿਚ ਵੀ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।