ਰੇਲਵੇ ਯਾਰਡ ’ਚੋਂ ਭਾਰੀ ਮਾਤਰਾ ’ਚ ਨਸ਼ੀਲਾ ਪਦਾਰਥ ਬਰਾਮਦ
ਫਿਰੋਜ਼ਪੁਰ ਰੇਲਵੇ ਪੁਲਿਸ ਨੇ ਰੇਲਵੇ ਯਾਰਡ ’ਚੋਂ ਭਾਰੀ ਮਾਤਰਾ ’ਚ ਨਸ਼ੀਲਾ ਪਦਾਰਥ ਕੀਤਾ ਬਰਾਮਦ
Publish Date: Wed, 28 Jan 2026 06:40 PM (IST)
Updated Date: Wed, 28 Jan 2026 06:43 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਵਿਚ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਰੇਲਵੇ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਦੇ ਯਾਰਡ ਏਰੀਏ ਵਿੱਚੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਇਹ ਕਾਰਵਾਈ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਰੇਲਵੇ ਪੰਜਾਬ ਅਤੇ ਉੱਪ ਕਪਤਾਨ ਪੁਲਿਸ ਜੋਨਲ ਫਿਰੋਜ਼ਪੁਰ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿਚ ਲਿਆਂਦੀ ਗਈ ਹੈ। ਜਾਣਕਾਰੀ ਅਨੁਸਾਰ ਏਐੱਸਆਈ ਜਤਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਸ਼ੱਕੀ ਪੁਰਸ਼ਾਂ ਅਤੇ ਮਾੜੇ ਅਨਸਰਾਂ ਦੀ ਚੈਕਿੰਗ ਕਰ ਰਹੇ ਸਨ। ਚੈਕਿੰਗ ਦੌਰਾਨ ਜਦੋਂ ਪੁਲਿਸ ਟੀਮ ਰੇਲਵੇ ਯਾਰਡ ਦੇ ਇਲਾਕੇ ਵਿਚ ਪਹੁੰਚੀ, ਤਾਂ ਉੱਥੇ ਇਕ ਪੀਲੇ ਰੰਗ ਦਾ ਪਲਾਸਟਿਕ ਦਾ ਗੱਟਾ ਲਾਵਾਰਿਸ ਹਾਲਤ ਵਿਚ ਪਿਆ ਦਿਖਾਈ ਦਿੱਤਾ। ਜਦੋਂ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਅਧਾਰ ’ਤੇ ਉਕਤ ਗੱਟੇ ਦੀ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ ਡੋਡਾ ਚੂਰਾ ਪੋਸਤ ਬਰਾਮਦ ਹੋਇਆ। ਮੌਕੇ ’ਤੇ ਕੀਤੇ ਗਏ ਵਜ਼ਨ ਦੌਰਾਨ ਨਸ਼ੀਲੇ ਪਦਾਰਥ ਦੀ ਕੁੱਲ ਮਿਕਦਾਰ 6 ਕਿਲੋ 900 ਗ੍ਰਾਮ ਪਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਪੁਲਿਸ ਫਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਜੀਆਰਪੀ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ੀਲਾ ਪਦਾਰਥ ਕਿਸ ਵੱਲੋਂ ਉੱਥੇ ਰੱਖਿਆ ਗਿਆ ਸੀ ਅਤੇ ਇਸ ਦੀ ਸਪਲਾਈ ਕਿੱਥੇ ਹੋਣੀ ਸੀ।