ਜ਼ਿਲ੍ਹਾ ਪਰਿਸ਼ਦ ਤੇ ਬਲਾਕ ਕਮੇਟੀ ਚੋਣਾਂ ’ਚ ਧਾਂਧਲੀ ਬਰਦਾਸ਼ਤ ਨਹੀਂ : ਆਵਲਾ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਕਮੇਟੀ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ
Publish Date: Mon, 01 Dec 2025 05:13 PM (IST)
Updated Date: Mon, 01 Dec 2025 05:14 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜ਼ਿਲ੍ਹਾ ਪਰਿਸ਼ਦ ਤੇ ਬਲਾਕ ਕਮੇਟੀ ਚੋਣਾਂ ਸੰਬੰਧੀ ਅੱਜ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੱਲੋਂ ਕਾਂਗਰਸੀ ਵਰਕਰਾਂ ਦੇ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਆਉਣ ਵਾਲੀਆਂ ਚੋਣਾਂ ਲਈ ਵਿਸ਼ੇਸ਼ ਰਣਨੀਤੀ ‘ਤੇ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਆਵਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਹ ਵਰਕਰ ਜੋ ਚੋਣ ਲੜਨਾ ਚਾਹੁੰਦੇ ਹਨ, ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਚੋਣੀ ਯੋਜਨਾ ਤਹਿ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਵਰਕਰਾਂ ਦੇ ਨਾਲ ਪੂਰੀ ਮਜ਼ਬੂਤੀ ਅਤੇ ਇੱਕਜੁੱਟਤਾ ਨਾਲ ਖੜੇ ਹਨ। ਸ਼੍ਰੀ ਆਵਲਾ ਨੇ ਕਿਹਾ ਕਿ “ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਕਮੇਟੀ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਧਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇ ਲੋਕਾਂ ਦੀ ਆਵਾਜ਼ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਕਾਂਗਰਸ ਪਾਰਟੀ ਉਸਦਾ ਡਟ ਕੇ ਮੁਕਾਬਲਾ ਕਰੇਗੀ।ਆਵਲਾ ਨੇ ਆਪਣੀ ਪਾਰਟੀ ਦੀ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ “ਕਾਂਗਰਸ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਆਪਸੀ ਮਤਭੇਦ ਨਹੀਂ ਹਨ। ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਸਾਰੇ ਵਰਕਰ ਇੱਕ-ਦੂਜੇ ਨਾਲ ਮਜ਼ਬੂਤੀ ਨਾਲ ਖੜੇ ਹਨ। ਸਾਡਾ ਮਕਸਦ ਕੇਵਲ ਲੋਕਾਂ ਦਾ ਭਲਾ ਅਤੇ ਲੋਕਤੰਤਰ ਦੀ ਰੱਖਿਆ ਹੈ।ਰਮਿੰਦਰ ਸਿੰਘ ਆਵਲਾ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ “ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਗੈਂਗਸਟਰਵਾਦ ਅਤੇ ਨਸ਼ੇ ਦਾ ਨੇਕਸਸ ਖੁੱਲ੍ਹੇਆਮ ਕੰਮ ਕਰ ਰਿਹਾ ਹੈ। ਰੋਜ਼ਾਨਾ ਫਿਰੌਤੀ, ਧਮਕੀਆਂ ਅਤੇ ਅਪਰਾਧਿਕ ਮਾਮਲਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਇਆ ਹੈ। ਉਨ੍ਹਾਂ ਗੁਰੂਹਰਸਹਾਇ ’ਚ ਅੱਠਵੀਂ ਕਲਾਸ ਦੇ ਵਿਦਿਆਰਥੀ ਦੀ ਨਸ਼ੇ ਨਾਲ ਹੋਈ ਦਰਦਨਾਕ ਮੌਤ ਦਾ ਉਦਾਹਰਨ ਦੇ ਕੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਿੰਨਾ ਫੈਲ ਚੁੱਕਾ ਹੈ, ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸ਼੍ਰੀ ਆਵਲਾ ਨੇ ਕਿਹਾ ਕਿ ਜੇ ਪੁਲਿਸ ਨਸ਼ਾ ਰੋਕਣ ਵਿੱਚ ਅਸਫਲ ਹੈ ਤਾਂ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਓਹ ਪੁਲਿਸ ਵਿਭਾਗ ਨੂੰ ਹੀ ਬੰਦ ਕਰ ਦੇਵੇ। ਰੋਜ਼ਾਨਾ ਜਾਨਾਂ ਜਾ ਰਹੀਆਂ ਹਨ, ਅਪਰਾਧ ਵੱਧ ਰਹੇ ਹਨ ਅਤੇ ਪ੍ਰਸ਼ਾਸਨ ਹੱਥ ‘ਤੇ ਹੱਥ ਧਰ ਕੇ ਬੈਠਾ ਹੈ, ਜੋ ਬਹੁਤ ਸ਼ਰਮਨਾਕ ਹੈ। ਮੀਟਿੰਗ ਦੌਰਾਨ ਵਰਕਰਾਂ ਨੇ ਪੂਰੀ ਏਕਤਾ ਅਤੇ ਮਜ਼ਬੂਤੀ ਨਾਲ ਚੋਣ ਲੜਨ ਦਾ ਸੰਕਲਪ ਲਿਆ ਅਤੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੁੱਕਣਾ ਅਤੇ ਉਨ੍ਹਾਂ ਦਾ ਹੱਲ ਲੱਭਣਾ ਉਹਨਾਂ ਦੀ ਪਹਿਲੀ ਪ੍ਰਾਥਮਿਕਤਾ ਹੈ।