ਡੇਂਗੂ ਅਤੇ ਮਲੇਰੀਆ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਅਗੇਤੀਆਂ ਤਿਆਰੀਆਂ
ਡੇਂਗੂ ਅਤੇ ਮਲੇਰੀਆ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਅਗੇਤੀਆਂ ਤਿਆਰੀਆਂ: ਡਾ. ਕਵਿਤਾ ਸਿੰਘ
Publish Date: Wed, 06 May 2026 04:12 PM (IST)
Updated Date: Wed, 06 May 2026 04:14 PM (IST)

ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਜ਼ਿਲ੍ਹੇ ਦੇ ਸਮੂਹ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਅਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡੀਮੋਲੋਜਿਸਟ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਮਨਬੀਰ ਸਿੰਘ ਵੀ ਮੌਜੂਦ ਸਨ। ਡਾ. ਕਵਿਤਾ ਸਿੰਘ ਨੇ ਹਾਜ਼ਰੀਨ ਨੂੰ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਫੀਲਡ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਮਾਸ ਮੀਡੀਆ ਵਿੰਗ ਨੂੰ ਹਦਾਇਤ ਕੀਤੀ ਕਿ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲਾਰਵੇ ਦੀ ਪਹਿਚਾਣ ਸਬੰਧੀ ਟ੍ਰੇਨਿੰਗ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਅੰਡੇ ਦਿੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਲਈ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਘਰਾਂ ਦੇ ਆਲੇ-ਦੁਆਲੇ ਗਮਲਿਆਂ, ਕੂਲਰਾਂ, ਟਾਇਰਾਂ, ਫਰਿੱਜ ਦੀਆਂ ਟਰੇਆਂ ਅਤੇ ਛੱਤਾਂ ’ਤੇ ਪਏ ਨਕਾਰਾ ਸਮਾਨ ਵਿੱਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੁੱਖ ਲੱਛਣ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਸਰੀਰ ’ਤੇ ਦਾਣੇ, ਉਲਟੀ ਆਉਣਾ ਅਤੇ ਨੱਕ ਜਾਂ ਮੂੰਹ ਵਿਚੋਂ ਖੂਨ ਆਉਣਾ ਹਨ। ਅਜਿਹੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਉਪਲਬਧ ਹੈ।ਡਾ. ਕਵਿਤਾ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਆਪਣੇ ਸਟਾਫ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਕਾਰਡ ਬਣਵਾਉਣ ਲਈ ਕਿਹਾ ਅਤੇ ਹੋਰ ਲੋਕਾਂ ਦੇ ਕਾਰਡ ਬਣਾਉਣ ਲਈ ਵੀ ਕਾਲਜ ਵਿਦਿਆਰਥੀਆਂ ਦੇ ਸਹਿਯੋਗ ਦੀ ਅਪੀਲ ਕੀਤੀ।